ਮੁਕੇਸ਼ ਕੁਮਾਰ
ਚੰਡੀਗੜ੍ਹ, 20 ਅਗਸਤ
ਵੀਰਵਾਰ ਨੂੰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦੀ ‘ਜਨ ਅਸ਼ੀਰਵਾਦ ਯਾਤਰਾ’ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਕਿਸਾਨ ਸਮਰਥਕਾਂ ਵੱਲੋਂ ਕਾਲੇ ਝੰਡੇ ਦਿਖਾਏ ਗਏ ਸਨ। ਇਸ ਦੌਰਾਨ ਕੁਝ ਭਾਜਪਾ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰ ਰਹੀ ਇੱਕ ਮਹਿਲਾ ਦੇ ਵਾਲ ਪੁੱਟਦਿਆਂ ਉਸ ਨਾਲ ਬਦਸਲੂਕੀ ਕੀਤੀ ਸੀ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਯੂਨੀਅਨ ਦੇ 6 ਮੈਂਬਰਾਂ ਨੇ ਅੱਜ ਇੱਥੇ ਮਟਕਾ ਚੌਕ ’ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕਿਸਾਨ ਯੂਨੀਅਨ ਦੇ ਮੈਂਬਰਾਂ ਅਤੇ ਪੀੜਤ ਮਹਿਲਾ ਵੱਲੋਂ ਚੰਡੀਗੜ੍ਹ ਪੁਲੀਸ ਦੇ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨੂੰ ਇਕ ਮੰਗ ਪੱਤਰ ਸੌਂਪ ਕੇ ਮਹਿਲਾ ਨਾਲ ਦੁਰਵਿਹਾਰ ਕਰਨ ਵਾਲੇ ਕਥਿਤ ਭਾਜਪਾ ਵਰਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਬਾਰੇ ਪੁਲੀਸ ਨੇ ਮਾਮਲੇ ਦੀ ਘੋਖ-ਪੜਤਾਲ ਕਰਨ ਲਈ ਮਹਿਲਾ ਨੂੰ 22 ਅਗਸਤ ਤੱਕ ਦਾ ਸਮਾਂ ਦਿੱਤਾ ਹੈ।
ਪੀੜਤ ਮਹਿਲਾ ਰਾਜ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨੇ ਮਾਮਲੇ ’ਤੇ ਕਾਰਵਾਈ ਕਰਨ ਲਈ 22 ਤਰੀਕ ਤੱਕ ਦਾ ਸਮਾਂ ਦਿੱਤਾ ਹੈ ਅਤੇ ਜੇਕਰ 22 ਤਰੀਕ ਤੱਕ ਕਾਰਵਾਈ ਨਾ ਕੀਤੀ ਗਈ ਤਾਂ ਯੂਨਾਈਟਿਡ ਕਿਸਾਨ ਮੋਰਚੇ ਵੱਲੋਂ ਸ਼ਹਿਰ ਵਿੱਚ ਇੱਕ ਵੱਡਾ ਪ੍ਰੋਗਰਾਮ ਕੀਤਾ ਜਾਵੇਗਾ। ਮਟਕਾ ਚੌਕ ’ਤੇ ਕਿਸਾਨ ਸਮਰਥਕਾਂ ਨੇ ਫੈਸਲਾ ਲਿਆ ਕਿ ਮਹਿਲਾ ਨਾਲ ਦੁਰਵਿਹਾਰ ਕਰਨ ਵਾਲੇ ਭਾਜਪਾ ਆਗੂਆਂ ਤੇ ਵਰਕਰਾਂ ਖ਼ਿਲਾਫ਼ ਜੇਕਰਕਾਰਵਾਈ ਨਾ ਕੀਤੀ ਗਈ ਤਾਂ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਮਹਾਪੰਚਾਇਤ ਕੀਤੀ ਜਾਵੇਗੀ। ਕਿਸਾਨ ਸਮਰਥਕ ਕੁਲਦੀਪ ਸਿੰਘ ਕੁੰਡ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਰਾਜੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜ੍ਹਨੀ ਨੂੰ ਵੀ ਜਾਣੂ ਕਰਵਾਇਆ ਗਿਆ ਹੈ।
ਇੱਥੇ ਮਟਕਾ ਚੌਕ ਵਿੱਚ ਅੱਜ ਕੁਲਦੀਪ ਕੁੰਡੂ ਸਣੇ ਗੁਰਜੀਤ ਸਿੰਘ ਢਿੱਲੋਂ, ਬਾਲ ਕ੍ਰਿਸ਼ਨ, ਗੁਰਮੀਤ ਸਿੰਘ ਨਾਡਾ, ਸੰਸਾਰ ਸਿੰਘ ਅਤੇ ਕਿਸਾਨ ਯੂਨੀਅਨ ਦੇ ਬਲਬੀਰ ਕੌਰ ਸ਼ਾਮ ਤੱਕ ਭੁੱਖ ਹੜਤਾਲ ’ਤੇ ਬੈਠੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਕਿ ਮਹਿਲਾ ਨਾਲ ਦੁਰਵਿਹਾਰ ਕਰਨ ਵਾਲੇ ਭਾਜਪਾ ਆਗੂਆਂ ਤੇ ਵਰਕਰਾਂ ਵਿਰੁੱਧ ਕੇਸ ਦਰਜ ਨਹੀਂ ਕੀਤਾ ਜਾਂਦਾ। ਮਟਕਾ ਚੌਕ ਵਿਖੇ ਰੋਸ ਪ੍ਰਦਸ਼ਨ ਕਰਨ ਲਈ ਭੁੱਖ ਹੜਤਾਲ ’ਤੇ ਬੈਠੇ ਲੋਕਾਂ ਨੂੰ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨੇ ਭੁੱਖ ਹੜਤਾਲ ਖਤਮ ਕਰਨ ਦੇ ਅਪੀਲ ਕੀਤੀ ਅਤੇ ਦੁਰਵਿਹਾਰ ਕਰਨ ਵਾਲੇ ਭਾਜਪਾਈਆਂ ਵਿਰੁੱਧ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਮਹਿਲਾ ਨਾਲ ਬਦਸਲੂਕੀ ਖ਼ਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ
ਚੰਡੀਗੜ੍ਹ (ਖੇਤਰੀ ਪ੍ਰਤੀਨਿਧ):‘ਜਨ ਅਸ਼ੀਰਵਾਦ ਯਾਤਰਾ’ ਦੀ ਸ਼ੁਰੂਆਤ ਕਰਨ ਵੀਰਵਾਰ ਨੂੰ ਇੱਥੇ ਪਹੁੰਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਵਿਰੋਧ ਕਰ ਰਹੀ ਕਿਸਾਨ ਸਮਰਥਕ ਮਹਿਲਾ ਨਾਲ ਹੋਈ ਕਥਿਤ ਬਦਸਲੂਕੀ ਦੇ ਵਿਰੋਧ ਵਜੋਂ ਅੱਜ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਦੀਆਂ ਮਹਿਲਾ ਵਰਕਰਾਂ ਵੱਲੋਂ ਇੱਥੇ ਸੈਕਟਰ-34 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਦੀਆਂ ਮਹਿਲਾ ਵਰਕਰਾਂ ਦੀ ਸੈਕਟਰ-33 ਸਥਿਤ ਚੰਡੀਗੜ੍ਹ ਭਾਜਪਾ ਦੇ ਦਫ਼ਤਰ ਨੂੰ ਘੇਰਨ ਦੀ ਯੋਜਨਾ ਸੀ ਪਰ ਪੁਲੀਸ ਵੱਲੋਂ ਸੈਕਟਰ-34 ਵਿੱਚ ਕੀਤੀ ਗਈ ਬੇਰੀਕੇਡਿੰਗ ਕਾਰਨ ਪ੍ਰਦਰਸ਼ਨਕਾਰੀ ਮਹਿਲਾਵਾਂ ਨੂੰ ਸੈਕਟਰ 34 ਵਿੱਚ ਹੀ ਆਪਣਾ ਰੋਸ ਪ੍ਰਦਰਸ਼ਨ ਕਰਨਾ ਪਿਆ। ਆਮ ਆਦਮ ਪਾਰਟੀ ਦੀਆਂ ਮਹਿਲਾ ਵਰਕਰਾਂ ਨੇ ਸੈਕਟਰ 34 ਦੇ ਗੁਰਦੁਆਰੇ ਨੇੜੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰੋਸ ਪ੍ਰਦਰਸ਼ਨ ਕਰ ਰਹੀ ਮਹਿਲਾ ਨਾਲ ਬਦਸਲੂਕੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ‘ਆਪ’ ਦੀ ਮਹਿਲਾ ਆਗੂ ਸੁਖਰਾਜ ਕੌਰ ਸੰਧੂ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ਼ ਪ੍ਰਦਰਸ਼ਨ ਦੌਰਾਨ ਸੈਕਟਰ-34 ਪੁਲੀਸ ਥਾਣੇ ਦੇ ਐੱਸਐੱਚਓ ਇੰਸਪੈਕਟਰ ਰਾਜੀਵ ਕੁਮਾਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਉਨ੍ਹਾਂ ਬੀਤੇ ਦਿਨ ਵਾਪਰੀ ਇਸ ਘਟਨਾ ਨੂੰ ਲੈ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਅਸਤੀਫੇ ਦੀ ਮੰਗ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਹਿਲਾ ਨਾਲ ਬਦਸਲੂਕੀ ਕਰਨ ਵਾਲੇ ਭਾਜਪਾ ਆਗੂਆਂ ਤੇ ਵਰਕਰਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਇਕੱਤਰ ਹੋਈਆਂ ਮਹਿਲਾਵਾਂ ਨੂੰ ਸੰਬੋਧਨ ਕਰਦੇ ਹੋਏ ‘ਆਪ’ ਵਰਕਰ ਗੁਰਪੀਤ ਕੌਰ ਨੇ ਕਿਹਾ ਕਿ ਲੰਘੇ ਦਿਨ ਵਾਪਰੀ ਇਸ ਘਟਨਾ ਨੇ ਸਾਰੇ ਚੰਡੀਗੜ੍ਹ ਸ਼ਹਿਰ ਨੂੰ ਬਦਨਾਮ ਕੀਤਾ ਹੈ। ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਸ਼ਹਿਰ ਵਿੱਚ ਧਾਰਾ 144 ਲੱਗੇ ਹੋਣ ਦੇ ਬਾਵਜੂਦ ਰੈਲੀ ਕੱਢਣ ਕਰ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਚੰਡੀਗੜ੍ਹ ਭਾਜਪਾ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿਚ ‘ਆਪ’ ਚੰਡੀਗੜ੍ਹ ਤੋਂ ਕਸ਼ਮੀਰ ਕੌਰ, ਦਿਲੀਪ ਕੁਮਾਰ, ਅਨੀਤਾ ਲਾਹੌਟ, ਜਸਵਿੰਦਰ, ਰਾਣੀ, ਜਸਬੀਰ ਕੌਰ, ਸੁਲੋਚਨਾ, ਭਾਵਨਾ, ਇੰਦਰੋ ਦੇਵੀ, ਬਬਲੀ, ਰਾਣੀ ਦੇਵੀ, ਕਮਲੇਸ਼, ਸੁਨੈਨਾ, ਪਦਮ ਤੇ ਰੇਸ਼ਮਾ ਸਣੇ ਵੱਡੀ ਗਿਣਤੀ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ।
ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਭਾਜਪਾ ਦਫ਼ਤਰ ਘਿਰਾਓ ਦਾ ਅੱਜ
ਕਿਸਾਨ ਸਮਰਥਕ ਮਹਿਲਾ ਨਾਲ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਕੀਤੀ ਗਈ ਬਦਸਲੂਕੀ ਖ਼ਿਲਾਫ਼ ਚੰਡੀਗੜ੍ਹ ਮਹਿਲਾ ਕਾਂਗਰਸ ਨੇ 21 ਅਗਸਤ ਨੂੰ ਸੈਕਟਰ-33 ਚੰਡੀਗੜ੍ਹ ਭਾਜਪਾ ਦੇ ਦਫਤਰ ‘ਕਮਲਮ’ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਕਾਂਗਰਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਤੇ ਮਹਿਲਾ ਕਾਂਗਰਸ ਦੀਆਂ ਵਰਕਰਾਂ ਵੱਲੋਂ ਚੰਡੀਗੜ੍ਹ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਸੈਕਟਰ-35 ਸਥਿਤ ਕਾਂਗਰਸ ਭਵਨ ਤੋਂ ਰੋਸ ਮਾਰਚ ਸ਼ੁਰੂ ਕੀਤਾ ਜਾਵੇਗਾ।
ਭਾਜਪਾ ਵਰਕਰਾਂ ਖਿਲਾਫ਼ ਕਾਰਵਾਈ ਮੰਗੀ
ਚੰਡੀਗੜ੍ਹ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਵਾਰਡ ਨੰਬਰ 10 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕੱਲ੍ਹ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਅਨੁਰਾਗ ਠਾਕੁਰ ਦੀ ਆਮਦ ’ਤੇ ਕਿਸਾਨਾਂ ਵੱਲੋਂ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਇਕ ਪ੍ਰਦਰਸ਼ਨਕਾਰੀ ਮਹਿਲਾ ਨਾਲ ਦੁਰਵਿਹਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੱਥੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਬੁਟੇਰਲਾ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਨਾਅਰਾ ਦੇ ਰਹੀ ਹੈ ਤੇ ਦੂਜੇ ਪਾਸੇ ਭਾਜਪਾ ਆਗੂ ਅਤੇ ਵਰਕਰ ਧੀਆਂ-ਭੈਣਾਂ ਨਾਲ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਧਾਰਾ 144 ਦੀਆਂ ਧੱਜੀਆਂ ਉਡਾਉਂਦੇ ਹੋਏ ਜਨ ਅਸ਼ੀਰਵਾਦ ਯਾਤਰਾ ਕੱਢਣ ਵਾਲੇ ਅਤੇ ਇੱਕ ਮਹਿਲਾ ਨਾਲ ਦੁਰਵਿਹਾਰ ਕਰਨ ਵਾਲੇ ਭਾਜਪਾਈਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।