ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 2 ਜਨਵਰੀ
ਚੰਡੀਗੜ੍ਹ ਸ਼ਹਿਰ ਵਿੱਚ ਕਰੋਨਾ ਦੇ ਵੱਧ ਰਹੇ ਪ੍ਰਭਾਵ ਅਤੇ ਸੈਰ-ਸਪਾਟੇ ਵਾਲੀਆਂ ਥਾਂਵਾਂ ’ਤੇ ਲੋਕਾਂ ਵਲੋਂ ਕਰੋਨਾ ਨਿਯਮਾਂ ਦੀ ਕੀਤੀ ਜਾ ਰਹੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਨੇ ਇਥੇ ਸੁਖਨਾ ਝੀਲ ’ਤੇ ਕੁਝ ਪਾਬੰਦੀਆਂ ਲਗਾਉਣ ਦਾ ਫ਼ੈਸਲਾ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਡਿਜ਼ਾਸਟਰ ਮੈਨੇਜਮੈਂਟ ਤਹਿਤ ਸੁਖਨਾ ਝੀਲ ਨੂੰ ਆਮ ਲੋਕਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸੁਖਨਾ ਝੀਲ ਸਿਰਫ਼ ਸੈਰ ਕਰਨ ਵਾਲਿਆਂ ਲਈ ਹਫ਼ਤੇ ਵਿੱਚ ਸੋਮਵਾਰ ਤੋਂ ਸ਼ਨਿਚਰਵਾਰ ਤੱਕ ਸਵੇਰੇ 5 ਵਜੇ ਤੋਂ 9 ਅਤੇ ਸ਼ਾਮ 6 ਵਜੇ ਤੋਂ 8 ਵਜੇ ਤੱਕ ਖੁੱਲ੍ਹੀ ਰਹੇਗੀ। ਹਰ ਐਤਵਾਰ ਨੂੰ ਸੁਖਨਾ ਝੀਲ ਕਿਸੇ ਵੀ ਤਰ੍ਹਾਂ ਦੀ ਐਕਟੀਵਿਟੀ ਲਈ ਪੂਰੀ ਤਰ੍ਹਾਂ ਬੰਦ ਰੱਖੀ ਜਾਵੇਗੀ। ਇਹ ਪਾਬੰਦੀਆਂ ਭਲਕੇ 3 ਜਨਵਰੀ ਤੋਂ ਲਾਗੂ ਹੋ ਜਾਣਗੀਆਂ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾ ਦੇ ਅੱਜ 96 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਕਿ ਚੰਡੀਗੜ੍ਹ, ਹੋਟਲ, ਕੈਫੇ, ਕੌਫੀ ਸ਼ੌਪਸ, ਮੈਰਿਜ ਪੈਲੇਸ ਅਤੇ ਬੈਂਕੁਇਟਜ਼ ਹਾਲ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਅਤੇ ਸਿਰਫ਼ ਕਰੋਨਾ ਰੋਕੂ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਲੋਕਾਂ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਹੋਵੇਗੀ।