ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੂਨ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਅਸਾਮੀਆਂ ’ਚੋਂ ਦਿਵਿਆਂਗਾਂ ਦੇ ਬਣਦੇ ਚਾਰ ਫੀਸਦੀ ਰਾਖਵੇਂ ਕੋਟੇ ਮੁਤਾਬਕ ਦੋ ਹਜ਼ਾਰ ਅਸਾਮੀਆਂ ’ਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਪੰਜਾਬ ਭਵਨ ਵਿੱਚ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੌਧਰੀ ਨੇ ਆਖਿਆ ਕਿ ਪੈਰਾ ਖਿਡਾਰੀਆਂ ਲਈ 35 ਏਕੜ ਵਿੱਚ ਬਣਨ ਵਾਲੇ ਸਟੇਡੀਅਮ ਲਈ ਜ਼ਮੀਨ ਦੀ ਜਲਦ ਸ਼ਨਾਖ਼ਤ ਕੀਤੀ ਜਾਵੇਗੀ। ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਚੌਧਰੀ ਨੇ ਪਾਰਕਾਂ, ਬੱਸ ਸਟੈਂਡਾਂ ਅਤੇ ਬੱਸਾਂ ਵਿੱਚ ਦਿਵਿਆਂਗਾਂ ਦੀ ਸਹੂਲਤ ਦਾ ਪ੍ਰਬੰਧ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ।