ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 8 ਸਤੰਬਰ
ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਹਨ। ਕੱਚੇ ਅਧਿਆਪਕ ਯੂਨੀਅਨ ਪੰਜਾਬ ਤੇ ਸਿੱਖਿਆ ਪ੍ਰੋਵਾਈਡਰਾਂ ਸਣੇ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਦਿੱਤਾ ਜਾ ਰਿਹਾ ਹੈ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਅਤੇਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੇ ਫੈ਼ਸਲੇ ਦੀ ਲੋਅ ਵਿੱਚ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 8393 ਅਸਾਮੀਆਂ ’ਤੇ ਅਧਿਆਪਕਾਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਮਗਰੋਂ ਪਿਛਲੇ 85 ਦਿਨਾਂ ਤੋਂ ਸਿੱਖਿਆ ਭਵਨ ਦੀ ਛੱਤ ’ਤੇ ਚੜ੍ਹੇ ਤਿੰਨ ਕੱਚੇ ਅਧਿਆਪਕਾਂ ਨੂੰ ਅੱਜ ਥੱਲੇ ਉਤਾਰ ਲਿਆ ਗਿਆ ਹੈ ਪਰ ਬਾਕੀ ਰਹਿੰਦੀ ਅਸਾਮੀਆਂ ਲਈ ਸ਼ਾਂਤਮਈ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਲਦੀ ਹੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੀਰਵਾਰ ਤੋਂ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਹੋਰ ਜਾਇਜ਼ ਮੰਗਾਂ ਮੰਨਣ ਵਿੱਚ ਦੇਰੀ ਕੀਤੀ ਤਾਂ ਉਹ ਆਰ-ਪਾਰ ਦੀ ਲੜਾਈ ਲੜਨ ਵਿੱਢਣਗੇ। ਉਧਰ, ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਨਾਲ ਕੱਚੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ।