ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 25 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਇਕਾਈ ਵੱਲੋਂ ਪਿੰਡ ਅਲੀਪੁਰ, ਭੂਦਨ, ਛੋਟਾ ਚੱਕ, ਵੱਡਾ ਚੱਕ, ਰੁੜਕਾ, ਫ਼ਰੀਦਪੁਰ ਖੁਰਦ, ਬੁੱਕਣਵਾਲ ਤੇ ਤੱਖਰ ਕਲਾਂ ਆਦਿ ਵਿੱਚ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ‘ਚ ਦੇਣ ਖ਼ਿਲਾਫ਼ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਨਿੱਜੀਕਰਨ ਖ਼ਿਲਾਫ਼ ਵਿਰੋਧ ਦਰਜ ਕਰਵਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਕਿਹਾ ਕਿ ਯੂਨੀਅਨ ਨਿੱਜੀਕਰਨ ਦੇ ਖ਼ਿਲਾਫ਼ ਅਤੇ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਦਾ ਨਿੱਜੀਕਰਨ ਨਹੀਂ ਹੋਣ ਦੇਵੇਗੀ। ਆਗੂਆਂ ਕਿਹਾ ਕਿ ਚੰਡੀਗੜ੍ਹ ਦਾ ਬਿਜਲੀ ਬੋਰਡ ਜੋ ਕਿ ਤਕਰੀਬਨ ਪੱਚੀ ਹਜ਼ਾਰ ਕਰੋੜ ਦੀ ਜਾਇਦਾਦ ਹੈ, ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਵੀ ਸਰਕਾਰ ਚਿੱਪ ਵਾਲੇ ਮੀਟਰ ਲਾਉਣ ਨੂੰ ਤਿਆਰ ਬੈਠੀ ਹੈ, ਜਿਸ ਦਾ ਯੂਨੀਅਨ ਸਖ਼ਤ ਵਿਰੋਧ ਕਰੇਗੀ। ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਬੋਰਡ ਦਾ ਨਿੱਜੀਕਰਨ ਕੀਤਾ ਜਾਂਦਾ ਹੈ ਤਾਂ ਲੋਕਾਂ ਨੂੰ ਵੀ ਮਹਿੰਗੇ ਭਾਅ ਦੀ ਬਿਜਲੀ ਖ਼ਰੀਦਣ ਲਈ ਮਜਬੂਰ ਹੋਣਾ ਪਵੇਗਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਖਿਲਾਫ ਇਲਾਕੇ ਦੇ ਪਿੰਡਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਯੂਨੀਅਨ ਦੇ ਆਗੂ ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਮਨਜੀਤ ਸਿੰਘ ਘਰਾਚੋਂ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਰਕਾਰੀ ਸੰਸਥਾਵਾਂ ਨੂੰ ਵੱਡੇ ਘਰਾਣਿਆਂ ਦੇ ਹੱਥਾਂ ਵਿੱਚ ਕੌਡੀਆਂ ਦੇ ਭਾਅ ਵੇਚਣ ਦੀ ਲੜੀ ਵਜੋਂ ਹੀ ਮੁਨਾਫੇ ਵਿੱਚ ਚੱਲ ਰਹੇ ਚੰਡੀਗੜ੍ਹ ਯੂਟੀਆਈ ਦੇ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਦੇਣ ਦਾ ਲੋਕ ਵਿਰੋਧੀ ਫੈਸਲਾ ਕੀਤਾ ਗਿਆ ਹੈ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਚੰਡੀਗੜ੍ਹ ਪ੍ਰਸ਼ਾਸਨ ਵਲੋਂ ਯੂਟੀ ਦਾ ਬਿਜਲੀ ਵਿਭਾਗ ਇਕ ਨਿੱਜੀ ਕੰਪਨੀ ਨੂੰ ਸੌਂਪਣ ਦੇ ਵਿਰੋਧ ਵਜੋਂ ਅੱਜ ਲਹਿਰਾਗਾਗਾ ਦੇ ਪਿੰਡਾਂ ’ਚ ਮੋਦੀ ਸਰਕਾਰ ਤੇ ਪੁਤਲੇ ਫੂਕੇ ਗਏ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸੌਰ ਨੇ ਬਲਾਕ ਅਤੇ ਪਿੰਡ ਇਕਾਈਆਂ ਦੇ ਆਗੂਆਂ ਦੀ ਦਾਣਾ ਮੰਡੀ ’ਚ ਹੋਈ ਮੀਟਿੰਗ ਮਗਰੋ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਜਦੋਂ ਦੀ ਕੇਂਦਰ ਵਿੱਚ ਕੁਰਸੀ ਸੰਭਾਲੀ ਹੈ ਉਦੋਂ ਤੋਂ ਦੇਸ਼ ਦਾ ਸਰਮਾਇਆ ਕੌਡੀਆਂ ਦੇ ਭਾਅ ਆਪਣੇ ਹਮਾਇਤੀਆਂ ਕਾਰਪੋਰੇਟ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਭਾਰਤੀ ਕਿਸਾਨ ਯੂਨੀਅਨ ( ਉਗਰਾਹਾਂ) ਨੇ ਮੁਲਾਜ਼ਮਾਂ ਦੀ ਹਮਾਇਤ ਤੇ ਅਤੇ ਬਿਜਲੀ ਵਿਭਾਗ ਦੇ ਨਿੱਜੀਕਰਨ ਖਿਲਾਫ਼ ਪਿੰਡ- ਪਿੰਡ ਮੋਦੀ ਦੇ ਪੁਤਲੇ ਫੂਕ ਰੋਸ ਮੁਜ਼ਾਹਰੇ ਕੀਤੇ ਹਨ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ , ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਬਹਾਦਰ ਭੁਟਾਲ ਖੁਰਦ, ਗੁਰਚਰਨ ਖੋਖਰ,, ਹਰਜਿੰਦਰ ਨੰਗਲਾ, ਬਿੰਦਰ ਖੋਖਰ, ਬਲਜੀਤ ਗੋਬਿੰਦਗੜ੍ਹ, ਸਰਬਜੀਤ ਲਹਿਰਾ, ਭੁਪਿੰਦਰ ਪਾਲ ਲਹਿਰਾ, ਨਿੱਕਾ ਸੰਗਤੀਵਾਲਾ,ਪ੍ਰੀਤਮ ਲਹਿਲ ਕਲਾ ਅਤੇ 17 ਪਿੰਡ ਇਕਾਈਆਂ ਦੇ ਆਹੁਦੇਦਾਰ ਹਾਜ਼ਰ ਸਨ।
ਚੀਮਾ ਮੰਡੀ (ਜਸਵੰਤ ਸਿੰਘ ਗਰੇਵਾਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਪਿੰਡ ਤੋਲਾਵਾਲ ਵਿੱਚ ਮੋਦੀ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਮੌਕੇ ਯੂਨੀਅਨ ਦੇ ਵਰਕਰਾਂ ਨੇ ਸਰਕਾਰ ਵਿਰੁੱਧ ਸਖਤ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਗੁਰਮੇਲ ਸਿੰਘ ਭੱਠਲ, ਮੇਲਾ ਸਿੰਘ, ਸ਼ੇਰਾ ਸਿੰਘ, ਭੋਲਾ ਸਿੰਘ, ਰਵੀ ਸਿੰਘ, ਪਿਆਰਾ ਸਿੰਘ, ਸੁਖਵਿੰਦਰ ਕੌਰ, ਚਰਨਜੀਤ ਕੌਰ, ਬਲਵੰਤ ਕੌਰ, ਸੁਰਜੀਤ ਕੌਰ, ਮੁਖਤਿਆਰ ਕੌਰ, ਸੁਖਪਾਲ ਕੌਰ, ਹਮੀਰ ਕੌਰ, ਜਸਵੰਤ ਕੌਰ, ਪਾਲ ਕੌਰ ਤੇ ਮਨਜੀਤ ਕੌਰ ਸ਼ਾਮਲ ਸਨ।