ਮੁਕੇਸ਼ ਕੁਮਾਰ
ਚੰਡੀਗੜ੍ਹ, 27 ਅਕਤੂਬਰ
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਆਗੂ ਪ੍ਰਦੀਪ ਛਾਬੜਾ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਭਾਜਪਾ ਸਮੇਤ ਕਾਂਗਰਸ ਅਤੇ ਨਿਗਮ ਅਧਿਕਾਰੀਆਂ ਖਿਲਾਫ਼ ਕਥਿਤ ਮਿਲੀਭੁਗਤ ਨਾਲ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਮੁਕੰਮਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇੱਕ ਬਿਆਨ ਵਿੱਚ ਦੋਸ਼ ਲਾਇਆ ਕਿ ਸ਼ਹਿਰ ਦੀ ਸਫ਼ਾਈ ਲਈ ਠੇਕੇ ਦੀ ਮਿਆਦ ਪੂਰੀ ਕਰ ਚੁੱਕੀ ਕੰਪਨੀ ਨੂੰ ਨਿਗਮ ਅਧਿਕਾਰੀਆਂ ਅਤੇ ਕੌਂਸਲਰਾਂ ਦੀ ਮਿਲੀਭੁਗਤ ਨਾਲ ਤਿੰਨ ਮਹੀਨੇ ਲਈ ਫਿਰ ਤੋਂ ਠੇਕਾ ਦੇਣ ਦਾ ਫ਼ੈਸਲਾ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਇਦੇ ਅਨੁਸਾਰ ਕੰਪਨੀ ਦੇ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਲਈ ਮਿਆਦ ਪੁਗਾ ਚੁੱਕੇ ਸਮਝੌਤੇ ਨੂੰ ਹੋਰ ਅੱਗੇ ਵਧਾਉਣ ਦਾ ਫ਼ੈਸਲਾ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਬਾਕਾਇਦਾ ਏਜੰਡਾ ਲਿਆ ਕੇ ਕੀਤਾ ਜਾਣਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ ਅਤੇ ਸਿੱਧਾ ਹੀ ਕੰਪਨੀ ਦਾ ਠੇਕਾ ਤਿੰਨ ਮਹੀਨਿਆਂ ਲਈ ਵਧਾ ਦਿੱਤਾ ਗਿਆ। ਉਨਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਸਿੱਧੇ ਤੌਰ ਉੱਤੇ ਸਿਟਿੰਗ ਜੱਜ ਵੱਲੋਂ ਜਾਂਚ ਕਰਵਾਈ ਜਾਣੀ ਚਾਹੀਦੀ ਅਤੇ ਨਿਗਮ ਵਿੱਚ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਹੋਏ ਹਨ ਅਤੇ ਇਨ੍ਹਾਂ ਕਥਿਤ ਘੁਟਾਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਸ੍ਰੀ ਛਾਬੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁੱਦੇ ਬਾਰੇ ਲਗਾਤਾਰ ਆਵਾਜ਼ ਚੁੱਕੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਿਗਮ ਕੋਲ ਆਪਣੇ ਵਾਹਨਾਂ ਵਿੱਚ ਤੇਲ ਪਾਉਣ ਲਈ ਰਾਸ਼ੀ ਨਹੀਂ ਹੈ ਅਤੇ ਦੂਜੇ ਪਾਸੇ ਉਹ ਕਰੋੜਾਂ ਰੁਪਏ ਸਫ਼ਾਈ ਕੰਪਨੀ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਸਫ਼ਾਈ ਕਰਮਚਾਰੀਆਂ ਦੀ ਨਗਰ ਨਿਗਮ ਸਿੱਧੀ ਭਰਤੀ ਕਰੇ। ਉਨ੍ਹਾਂ ਨਗਰ ਨਿਗਮ ’ਤੇ ਸ਼ਹਿਰਵਾਸੀਆਂ ‘ਤੇ ਲਾਏ ਗਏ ਕਰੋੜਾਂ ਰੁਪਏ ਦੇ ਟੈਕਸਾਂ ਦੇ ਪੈਸੇ ਦਾ ਗਲਤ ਇਸਤੇਮਾਲ ਕਰਨ ਦਾ ਵੀ ਦੋਸ਼ ਲਾਇਆ।