ਜਸਬੀਰ ਸਿੰਘ ਚਾਨਾ
ਫਗਵਾੜਾ, 13 ਜੂਨ
ਨਗਰ ਨਿਗਮ ਫਗਵਾੜਾ ਵੱਲੋਂ ਕੂੜੇ ਦੇ ਨਿਪਟਾਰੇ ਲਈ ਪਲਾਹੀ ਵਿਖੇ ‘ਮਕੈਨੀਕਲ ਸੈਪਰੇਟਰ’ ਜਲਦ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਦੇ ਬੁਨਿਆਦੀ ਢਾਂਚੇ ਨੂੰ ਤਿਆਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਗੱਲਬਾਤ ਦੌਰਾਨ ਕੀਤਾ। ਅੱਜ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਸਮੇਤ ਕੂੜੇ ਦੇ ਡੰਪ ਦਾ ਦੌਰਾ ਕੀਤਾ ਤੇ ਕੂੜੇ ਨੂੰ ਵੱਖ ਵੱਖ ਕਰਕੇ ਨਿਪਟਾਰਾ ਕਰਨ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਤੇ ਦੱਸਿਆ ਕਿ ਇਸ ਨਾਲ ਕੂੜੇ ਨੂੰ ਮਸ਼ੀਨੀ ਤਰੀਕੇ ਨਾਲ ਅਲੱਗ ਅਲੱਗ ਕਰਕੇ ਉਸਦਾ ਨਿਪਟਾਰਾ ਆਸਾਨੀ ਨਾਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੂੜਾ ਡੰਪ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੂੜਾ ਡੰਪ ’ਤੇ ਇੱਕ ਕਰਮਚਾਰੀ ਦੀ ਤਾਇਨਾਤੀ ਵੀ ਕੀਤੀ ਜਾ ਰਹੀ ਹੈ ਜਿਸ ਦੇ ਬੈਠਣ ਲਈ ਪੱਕਾ ਪ੍ਰਬੰਧ ਕੀਤਾ ਜਾਵੇਗਾ ਤੇ ਅੱਗ ਲੱਗਣ ਸਬੰਧੀ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੋਂ ਇਲਾਵਾ ਕੂੜਾ ਡੰਪ ’ਤੇ ਬੋਰ ਕਰਵਾ ਕੇ ਮੋਟਰ ਵੀ ਲਗਵਾਈ ਜਾ ਰਹੀ ਹੈ ਤਾਂ ਜੋ ਰੋਜ਼ਾਨਾ ਪਾਣੀ ਦਾ ਛਿੜਕਾਅ ਯਕੀਨੀ ਬਣਾਇਆ ਜਾ ਸਕੇ ਤੇ ਅੱਗ ਲੱਗਣ ਦੀਆਂ ਘਟਨਾਵਾ ਨੂੰ ਵੀ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੂੜਾ ਡੰਪ ਨੇੜਲੇ ਇਲਾਕਿਆਂ ’ਚ ਬਦਬੂ ਨੂੰ ਰੋਕਣ ਲਈ ਲਗਾਤਾਰ ਛਿੜਕਾਅ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਉਨ੍ਹਾਂ ਨਿਗਮ ਕਮਿਸ਼ਨਰ ਨੂੰ ਹਫ਼ਤਾਵਾਰੀ ਪੱਧਰ ’ਤੇ ਕੂੜਾ ਡੰਪ ਵਿਖੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ ਦੇ ਕੰਮ ਦੀ ਨਿਗਰਾਨੀ ਕਰਨ ਤੇ ਇਸ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਲਈ ਕਿਹਾ ਗਿਆ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਵੀ ਸ਼ਾਮਲ ਸਨ।