ਪੱਤਰ ਪ੍ਰੇਰਕ
ਮੂਨਕ, 29 ਜਨਵਰੀ
‘ਪੰਜਾਬ ਵਿੱਚ ਅਕਾਲੀ-ਬਸਪਾ ਸਰਕਾਰ ਆਉਣ ’ਤੇ ਖੇਤੀਬਾੜੀ ਲਈ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ।’ ਇਹ ਗੱੱਲ ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮੂਨਕ ਵਿੱਚ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ-ਵੱਖ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਹੀ।
ਭਾਈ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਉਸ ਦੀ ਅੰਦਰੂਨੀ ਧੜੇਬੰਦੀ ਨੇ ਖ਼ਤਮ ਕਰਕੇ ਰੱਖ ਦਿੱਤਾ ਹੈ। ਇਸ ਪਾਰਟੀ ਵਿੱਚ ਆਪਸੀ ਕੁਰਸੀ ਦੀ ਲੜਾਈ ਕਾਰਨ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਕੋਲ ਸੱਤਾ ਦੇ ਸੁਪਨੇ ਵੇਖਣ ਤੋਂ ਬਗੈਰ ਪੰਜਾਬ ਦਾ ਕੋਈ ਏਜੰਡਾ ਨਹੀਂ ਹੈ। ਸੰਯੁਕਤ ਅਕਾਲੀ ਦਲ ਨੇ ਭਾਜਪਾ ਨਾਲ ਸਾਂਝ ਪਾ ਕੇ ਪੰਜਾਬ ਵਿਰੋਧੀ ਸੋਚ ਦਾ ਪ੍ਰਗਟਾਵਾ ਕਰ ਦਿੱਤਾ ਹੈ, ਜਿਸ ਕਾਰਨ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੇ ਚੁੰਗਲ ਵਿੱਚ ਨਹੀਂ ਫਸਣਗੇ। ਅਕਾਲੀ-ਬਸਪਾ ਗੱਠਜੋੜ ਸਰਕਾਰ ਲਿਆਉਣ ਵਿੱਚ ਹੀ ਪੰਜਾਬ ਦਾ ਭਲਾ ਹੋਵੇਗਾ। ਉਨ੍ਹਾਂ ਵੋਟਰਾਂ ਨੂੰ ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਦਿਨ-ਰਾਤ ਇਕ ਕਰ ਦੇਣ ਦੀ ਅਪੀਲ ਕੀਤੀ।
ਭਾਈ ਲੌਂਗੋਵਾਲ ਨੂੰ ਲੱਡੂਆਂ ਨਾਲ ਤੋਲਿਆ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਾਰਡ ਨੰਬਰ 15 ਵਿੱਚ ਜੋਗੀ ਭਾਈਚਾਰੇ ਨੇ ਲੱਡੂਆਂ ਨਾਲ ਤੋਲ ਕੇ ਸਮਰਥਨ ਦੇਣ ਦਾ ਐਲਾਨ ਕੀਤਾ। ਜੋਗੀ ਭਾਈਚਾਰੇ ਦੀ ਧਰਮਸ਼ਾਲਾ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਚੋਣ ਮੀਟਿੰਗ ਦੌਰਾਨ ਜੋਗੀ ਭਾਈਚਾਰੇ ਦੀ 11 ਮੈਂਬਰੀ ਕਮੇਟੀ ਦੇ ਪ੍ਰਧਾਨ ਕਰਮਜੀਤ ਕੰਮੀ ਨੇ ਕਿਹਾ ਕਿ ਜੋਗੀ ਭਾਈਚਾਰੇ ਦੀਆਂ ਸਮੱਸਿਆਵਾਂ ਵੱਲ ਪਿਛਲੀ ਕਾਂਗਰਸ ਨੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੋਗੀਆਂ ਦੇ ਮੁਹੱਲੇ ਵਿੱਚ ਪਾਣੀ ਦੀ ਨਿਕਾਸੀ, ਸੀਵਰੇਜ, ਪੀਣ ਵਾਲੇ ਸਾਫ ਪਾਣੀ ਅਤੇ ਗਲੀਆਂ ਦਾ ਬੁਰਾ ਹਾਲ ਹੈ। ਭਾਈ ਲੌਂਗੋਵਾਲ ਨੇ ਭਰੋਸਾ ਦਿਵਾਇਆ ਕਿ ਅਕਾਲੀ-ਬਸਪਾ ਸਰਕਾਰ ਬਣਨ ’ਤੇ ਜੋਗੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।