ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਮਈ
ਸਨਅਤੀ ਸ਼ਹਿਰ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਬਹਾਦੁਰ-ਕੇ ਰੋਡ ’ਤੇ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਸੁਣਕੇ ਉਨ੍ਹਾਂ ਦਾ ਜਲਦੀ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਅਤੇ ਸਮੂਹ ਦਫ਼ਤਰ ਮਾਰਕੀਟ ਕਮੇਟੀ ਲੁਧਿਆਣਾ ਵੱਲੋਂ ਵਿਧਾਇਕ ਬੱਗਾ ਦਾ ਸਵਾਗਤ ਕੀਤਾ ਗਿਆ। ਵਿਧਾਇਕ ਬੱਗਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦੀਆਂ ਬਹੁਤ ਆਸਾਂ ਬੱਝੀਆਂ ਹਨ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਆੜ੍ਹਤੀਆਂ ਅਤੇ ਰਿਹਾਇਸ਼ੀ ਕਲੋਨੀਆਂ ਦੇ ਵਸਨੀਕਾਂ ਵੱਲੋਂ ਆਪਣੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ।
ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਸ ਸਬੰਧੀ ਸਬੰਧਤ ਵਿਭਾਗਾਂ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਪੈਚਵਰਕ, ਸੀਵਰੇਜ ਤੇ ਸਫ਼ਾਈ ਦੀ ਸਮੱਸਿਆ ਦਾ ਜਲਦ ਨਬਿੇੜਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਮੌਕੇ ’ਤੇ ਹੀ ਮੰਡੀ ਦੀ ਸਾਫ਼-ਸਫ਼ਾਈ ਸਬੰਧੀ ਠੇਕੇਦਾਰ ਨੂੰ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਵਿਧਾਇਕ ਬੱਗਾ ਨੇ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਵਿਧਾਇਕ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਅਗਵਾਈ ਹੇਠ ਆੜ੍ਹਤੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ।