ਸੰਤੋਖ ਗਿੱਲ
ਗੁਰੂਸਰ ਸੁਧਾਰ, 27 ਅਕਤੂਬਰ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਜਾਰੀ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਹੁਣ ਲੜਾਈ ਆਰ-ਪਾਰ ਦੀ ਹੈ ਅਤੇ ਅੰਦੋਲਨ ਭਾਵੇਂ ਜਿੰਨਾ ਮਰਜ਼ੀ ਲੰਬਾ ਹੋ ਜਾਵੇ ਪਰ ਦੇਸ਼ ਦੇ ਲੋਕ ਫਾਸ਼ੀਵਾਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਨਹੀਂ ਕਰਨ ਦੇਣਗੇ।
ਜਮਹੂਰੀ ਕਿਸਾਨ ਸਭਾ ਦੇ ਆਗੂ ਰਾਜਵੀਰ ਸਿੰਘ, ਦਵਿੰਦਰ ਸਿੰਘ, ਮਲਕੀਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਵੀ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਿਨਾ ਦੇਰੀ ਤੋਂ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਨੂੰ ਬਿਨਾ ਕਿਸੇ ਦੇਰੀ ਤੋਂ ਖ਼ਰੀਦਿਆ ਜਾਵੇ।