ਨਵਕਿਰਨ ਸਿੰਘ
ਮਹਿਲ ਕਲਾਂ, 8 ਜੂਨ
ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਹੇਠ ਸਬ ਡਿਵੀਜ਼ਨ ਗਰਿੱਡ ਮਹਿਲ ਕਲਾਂ ਅੱਗੇ ਨਾਅਰੇਬਾਜ਼ੀ ਕਰਦਿਆਂ 24 ਘੰਟੇ ਨਿਰਵਿਘਨ ਘਰੇਲੂ ਤੇ 10 ਘੰਟੇ ਖੇਤੀ ਖੇਤਰ ਲਈ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਕਿਸਾਨਾਂ ਵੱਲੋਂ ਐਸਡੀਓ ਮਹਿਲ ਕਲਾਂ ਜਸਦੇਵ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲਮਾਜਰਾ, ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਬਲਾਕ ਪ੍ਰਧਾਨ ਜਸਪਾਲ ਸਿੰਘ ਸਹਿਜੜਾ, ਜ਼ਿਲ੍ਹਾ ਆਗੂ ਮਨਜੀਤ ਸਿੰਘ ਸਹਿਜੜਾ ਅਤੇ ਕੁਲਦੀਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਬਿਜਲੀ ਸਪਲਾਈ ਵਿੱਚ ਲੱਗ ਰਹੇ ਲੰਮੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬੇਲੋੜੇ ਕੱਟ ਲਗਾਉਣ ਨਾਲ ਬੱਚਿਆਂ/ਬਜ਼ੁਰਗਾਂ ਨੂੰ ਮੱਛਰ ਅਤੇ ਗਰਮੀ ਕਾਰਨ ਪ੍ਰੇਸ਼ਾਨੀ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਖੇਤੀ ਖੇਤਰ ਲਈ ਬਿਜਲੀ ਦੀ ਲੋੜੀਂਦੀ ਸਪਲਾਈ ਨਾ ਹੋਣ ਕਾਰਨ ਸਿੱਧਾ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਜੇਕਰ ਇਹੋ ਰੁਝਾਨ ਰਿਹਾ ਤਾਂ ਕਿਸਾਨਾਂ ਨੂੰ ਝੋਨਾ ਵਾਹੁਣਾ ਪੈ ਸਕਦਾ ਹੈ। ਐਸਡੀਓ ਜਸਦੇਵ ਸਿੰਘ ਨੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਜੋ ਮੰਗਾਂ ਸਾਡੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਬਾਕੀ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ।
ਐਕਸੀਅਨ ਦਫ਼ਤਰ ਅੱਗੇ ਵੀ ਗਰਜੇ ਕਿਸਾਨ
ਰਾਮੁਪਰਾ ਫੂਲ (ਗੁਰਵਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਬਿਜਲੀ ਸਮੱਸਿਆ ਨੂੰ ਲੈ ਕੇ ਐਕਸੀਅਨ ਦਫ਼ਤਰ ਦੇ ਗੇਟ ਅੱਗੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਜਥੇਬੰਦੀ ਦੇ ਜਨਰਲ ਸਕੱਤਰ ਕਾਕਾ ਸਿੰਘ ਕੌਟੜਾ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਰੌਲਾ ਪਾਇਆ ਜਾ ਰਿਹਾ ਹੈ ਤਾਂ ਜੋ ਪਾਣੀ ਦਾ ਪੱਧਰ ਹੋਰ ਨੀਵਾਂ ਨਾ ਜਾਵੇ। ਦੂਜੇ ਪਾਸੇ ਜਿਹੜੇ ਕਿਸਾਨਾਂ ਨੇ ਸਰਕਾਰ ਦੀ ਇਹ ਗੱਲ ਮੰਨ ਕੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ ਉਨ੍ਹਾਂ ਕਿਸਾਨਾਂ ਨੂੰ 10 ਘੰਟੇ ਦੀ ਬਜਾਏ 2 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਸ ਨਾਲ ਉਨ੍ਹਾਂ ਦੀ ਫ਼ਸਲ ਸੁੱਕਣ ਲੱਗ ਗਈ ਹੈ। ਜਥੇਬੰਦੀ ਦੇ ਪ੍ਰਚਾਰ ਸਕੱਤਰ ਲੱਖਾ ਸਿੰਘ ਲਾਲੋਕਾ ਨੇ ਕਿਹਾ ਕਿ ਜਿੰਨਾ ਸਮਾਂ ਕਿਸਾਨਾਂ ਦੀ ਸਮੱਸਿਆ ਹੱਲ ਨਹੀਂ ਹੁੰਦੀ ਧਰਨਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਅਰਜਨ ਸਿੰਘ ਫੂਲ, ਗੁਰਵਿੰਦਰਦੀਪ ਸਿੰਘ, ਭੋਲਾ ਸਿੰਘ ਕੌਟੜਾ, ਬਾਜਾ ਸਿੰਘ, ਰਾਜ ਸਿੰਘ ਚਾਉਕੇ ਤੋ ਇਲਾਵਾ ਵੱਡੀ ਗਿਣਤੀ ’ਚ ਕਿਸਾਨਾਂ ਤੋਂ ਇਲਾਵਾ ਔਰਤਾਂ ਵੀ ਸ਼ਾਮਲ ਸਨ।
ਟਰਾਂਸਫਾਰਮਰ ਨਾ ਮਿਲਣ ਕਾਰਨ ਕਿਸਾਨ ਨਾਰਾਜ਼
ਕੋਟਕਪੂਰਾ (ਟਨਸ): ਭਾਰਤੀ ਕਿਸਾਨ ਏਕਤਾ ਯੂਨੀਅਨ ਡਕੌਂਦਾ ਨੇ ਹਾਈਵੇਅ ਨੰਬਰ 16 ਨੂੰ ਅੱਜ ਦੂਜੇ ਦਿਨ ਵੀ ਜਾਮ ਰੱਖਿਆ। ਕਿਸਾਨਾਂ ਦਾ ਦੋਸ਼ ਹੈ ਕਿ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਿਟਡ ਕੋਟਕਪੂਰਾ ਸਟੋਰ ਵੱਲੋਂ ਕਿਸਾਨਾਂ ਨੂੰ ਲੋੜੀਂਦੇ ਟਰਾਂਸਫਾਰਮਰ ਮੁਹੱਈਆ ਨਾ ਕਰਵਾ ਕੇ ਖੱਜਲ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਰੋਸ ਪ੍ਰਦਰਸ਼ਨ ਕਾਰਨ ਪੁਲੀਸ ਨੇ ਰੋਡ ’ਤੇ ਆਵਾਜਾਈ ਬਿਲਕੁਲ ਬੰਦ ਕਰ ਦਿੱਤੀ ਹੈ ਜਿਸ ਕਰਕੇ ਇਥੇ ਰਹਿਣ ਵਾਲੇ ਵਸਨੀਕਾਂ ਨੂੰ ਕਾਫੀ ਖੱਜਲ ਹੋਣਾ ਪੈ ਰਿਹਾ ਹੈ। ਕਿਸਾਨ ਆਗੂ ਬਰਜਿੰਦਰ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਦੱਸਿਆ ਕਿ ਜੈਤੋ ਤਹਿਸੀਲ ਵਿਚ ਕਈ ਕਿਸਾਨਾਂ ਵੱਲੋਂ ਕਾਰਪੋਰੇਸ਼ਨ ਕੋਲ ਫੀਸਾਂ ਜਮ੍ਹਾਂ ਕਰਵਾਉਣ ਦੇ ਬਾਵਜੂਦ ਉਨ੍ਹਾਂ ਦੀ ਲੋੜ ਅਨੁਸਾਰ ਟਰਾਂਸਫਾਰਮਰ ਨਹੀਂ ਦਿੱਤੇ ਜਾ ਰਹੇ ਜਿਸ ਕਰਕੇ ਕਿਸਾਨਾਂ ਵੱਲੋਂ ਪਹਿਲਾਂ ਜੈਤੋ ’ਚ ਮੁਜ਼ਾਹਰੇ ਕੀਤੇ ਗਏ ਪ੍ਰੰਤੂ ਜਦੋਂ ਕੋਈ ਅਸਰ ਨਹੀਂ ਹੋਇਆ। ਪਤਾ ਲੱਗਣ ’ਤੇ ਜੈਤੋ ਸਬ-ਡਵੀਜ਼ਨ ਨੂੰ ਕੋਟਕਪੂਰਾ ਸਟੋਰ ਤੋਂ ਟਰਾਂਫਾਰਮਰਰ ਸਪਲਾਈ ਹੁੰਦੇ ਹਨ ਤਾਂ ਉਨ੍ਹਾਂ ਨੂੰ ਆਪਣਾ ਪ੍ਰਦਰਸ਼ਨ ਇੱਥੇ ਸ਼ੁਰੂ ਕਰਨਾ ਪਿਆ। ਉਨ੍ਹਾਂ ਮੁਤਾਬਕ ਉਹ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਕਰ ਚੁੱਕੇ ਹਨ ਪ੍ਰੰਤੂ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ। ਦੂਜੇ ਪਾਸੇ ਸਟੋਰ ਐਸਡੀਓ ਜਸਵਿੰਦਰ ਸਿੰਘ ਪਵਾਰ ਨੇ ਦੱਸਿਆ ਕਿ ਸਟੋਰ ਟਰਾਂਸਫਾਰਮਰ ਦੀ ਕੋਈ ਕਮੀ ਨਹੀਂ ਪਰ ਇਹ ਵਿਵਾਦ ਏਨਾ ਕਿਉਂ ਭੱਖਿਆ ਇਸ ਬਾਰੇ ਐਕਸੀਅਨ ਬਿਜਲੀ ਬੋਰਡ ਦੇ ਐਕਸੀਅਨ ਹੀ ਦੱਸ ਸਕਦੇ ਹਨ। ਦੂਜੇ ਪਾਸੇ ਐਕਸੀਅਨ ਦਾ ਕਹਿਣਾ ਸੀ ਕਿ ਕਿਸਾਨਾਂ ਵੱਲੋਂ ਨਿਰਧਾਰਤ 25 ਫੀਸਦੀ ਰਾਸ਼ੀ ਜਮ੍ਹਾਂ ਕਰਵਾਉਣੀ ਹੁੰਦੀ ਹੈ ਜੋ ਉਨ੍ਹਾਂ ਵੱਲੋਂ ਜਮ੍ਹਾਂ ਨਹੀਂ ਕਰਵਾਈ ਜਾ ਰਹੀ ਹੈ ਜਿਸ ਕਰਕੇ ਟਰਾਂਸਫਾਰਮਰ ਨਹੀਂ ਦਿੱਤੇ ਜਾ ਰਹੇ ਹਨ।