ਨਵੀਂ ਦਿੱਲੀ, 12 ਜੂਨ
ਕੌਮੀ ਰਾਜਧਾਨੀ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਇਹ ਜਾਣਕਾਰੀ ਦਿੱਤੀ। ਆਈਐੱਮਡੀ ਦੇ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਸਾਢੇ ਅੱਠ ਵਜੇ ਨਮੀ 29 ਫ਼ੀਸਦੀ ਦਰਜ ਕੀਤੀ ਗਈ। ਆਈਐੱਮਡੀ ਦੇ ਅਨੁਸਾਰ ਮੌਸਮ ਵਿਭਾਗ ਨੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੇ ਨਾਲ-ਨਾਲ ਦਿਨ ਵਿੱਚ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਦੇ ਨਾਲ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਨਾਲੋਂ ਚਾਰ ਡਿਗਰੀ ਵੱਧ ਅਤੇ ਘੱਟੋ-ਘੱਟ ਤਾਪਮਾਨ 29.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਨਾਲੋਂ ਦੋ ਡਿਗਰੀ ਵੱਧ ਹੈ। -ਪੀਟੀਆਈ