ਗੁਰਨਾਮ ਸਿੰਘ ਚੌਹਾਨ
ਪਾਤੜਾਂ, 18 ਅਪਰੈਲ
ਹਲਕਾ ਸ਼ੁਤਰਾਣਾ ਦੇ ਪਿੰਡ ਨੂਰਪੁਰਾ ਵਾਸੀਆਂ ਨੂੰ ਪੀਣ ਲਈ ਮਿਲ ਰਹੇ ਸਾਫ਼ ਸੁਥਰੇ ਪਾਣੀ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਪਿੰਡ ਵਿਚ ਪਾਣੀ ਸਪਲਾਈ ਮੁਹੱਈਆ ਕਰਵਾਉਣ ਵਾਲੇ ਵਾਟਰ ਵਰਕਸ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਜਾਣ ਕਾਰਨ ਪਾਣੀ ਸਪਲਾਈ ਠੱਪ ਹੋ ਕੇ ਰਹਿ ਗਈ ਹੈ। ਪਿੰਡ ਵਿੱਚ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਲੋਕ ਵਿੱਚ ਹਾਹਾਕਾਰ ਮੱਚੀ ਹੋਈ ਹੈ। ਦਲਿਤ ਆਗੂ ਜਤਿੰਦਰ ਸਿੰਘ ਮੱਟੂ ਨੇ ਪਿੰਡ ਪਹੁੰਚ ਕੇ ਲੋਕਾਂ ਦਾ ਦੁੱਖ ਸੁਣਦਿਆਂ ਪੰਜਾਬ ਸਰਕਾਰ ਤੋਂ ਤੁਰੰਤ ਪਾਣੀ ਸਪਲਾਈ ਬਹਾਲ ਕਰਨ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਕੱਟ ਦੇਣ ਕਰ ਕੇ ਪਿੰਡ ਵਿੱਚ ਵਾਟਰ ਵਰਕਸ ਬੰਦ ਪਿਆ ਹੈ, ਜਿਸ ਕਰਕੇ ਪਿੰਡ ਵਾਸੀਆਂ ਨੂੰ ਰੋਜ਼ਮਰਾ ਦੀਆਂ ਜ਼ਰੂਰਤਾਂ ਦੇ ਨਾਲ ਨਾਲ ਪਸ਼ੂਆਂ ਅਤੇ ਪੀਣ ਵਾਲੇ ਪਾਣੀ ਦੀ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਤੰਤਰ ਮਜ਼ਦੂਰ ਯੂਨੀਅਨ ਦੇ ਪੰਜਾਬ ਕਨਵੀਨਰ ਡਾ. ਜਤਿੰਦਰ ਸਿੰਘ ਮੱਟੂ ਨੇ ਪਿੰਡ ਪਹੁੰਚ ਕੇ ਲੋਕਾਂ ਦਾ ਦੁੱਖੜਾ ਸੁਣਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਦੇ ਗਰੀਬ ਵਰਗ ਦੇ ਲੋਕਾਂ ਨੂੰ ਪਾਣੀ ਦੀ ਸਪਲਾਈ ਬਹਾਲ ਕਰਵਾਈ ਜਾਵੇ।
ਜਲਦੀ ਕੀਤੀ ਜਾਵੇਗੀ ਬਿੱਲ ਦੀ ਅਦਾਇਗੀ: ਐੱਸਡੀਓ
ਐੱਸਡੀਓ ਜਨ ਸਿਹਤ ਕੁਲਵਿੰਦਰ ਕੁਮਾਰ ਨੇ ਕਿਹਾ ਕਿ ਬਿਜਲੀ ਬਿੱਲ ਬਕਾਇਆ ਹੋਣ ਕਾਰਨ ਕੁਨੈਕਸ਼ਨ ਕੱਟਿਆ ਗਿਆ ਹੈ, ਜਲਦੀ ਹੀ ਵਿਭਾਗ ਵੱਲੋਂ ਪਾਵਰਕੌਮ ਨੂੰ ਬਿਜਲੀ ਬਿੱਲ ਦੀ ਅਦਾਇਗੀ ਕਰ ਕੇ ਪਾਣੀ ਸਪਲਾਈ ਯਕੀਨੀ ਬਣਾ ਦਿੱਤੀ ਜਾਵੇਗੀ।