ਦਵਿੰਦਰ ਪਾਲ
ਚੰਡੀਗੜ੍ਹ, 14 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ‘ਕਿਸਾਨ ਨਿਧੀ ਯੋਜਨਾ’ ਦੇ ਪੈਸੇ ਪਾਉਣ ਨੂੰ ਕਿਸਾਨ ਆਗੂਆਂ ਨੇ ਡਰਾਮਾ ਕਰਾਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੱਕੇ ਧਰਨੇ ਅੱਜ 226ਵੇਂ ਦਿਨ ਵੀ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਜਾਰੀ ਰਹੇ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ ਹਜ਼ਾਰ ਰੁਪਏ ਪਾਉਣ ਦੀ ਅਸਲੀਅਤ ਦਾ ਮੁੱਦਾ ਚਰਚਾ ਦਾ ਵਿਸ਼ਾ ਰਿਹਾ। ਬੁਲਾਰਿਆਂ ਨੇ ਕਿਹਾ ਕਿ ‘ਕਿਸਾਨ ਨਿਧੀ ਸਕੀਮ’ ਅਸਲ ਵਿੱਚ ਕਿਸਾਨਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾਉਣ ਤੋਂ ਵੱਧ ਹੋਰ ਕੁੱਝ ਵੀ ਨਹੀਂ ਹੈ। ਇਸ ਦੋ ਹਜ਼ਾਰ ਰੁਪਏ ਦੀ ਰਕਮ ਨੂੰ ਪਿਛਲੇ ਸਾਲਾਂ ਦੌਰਾਨ ਡੀਜ਼ਲ, ਖਾਦਾਂ, ਕੀੜੇਮਾਰ ਦਵਾਈਆਂ, ਬੀਜਾਂ ਤੇ ਹੋਰ ਖੇਤੀ ਲਾਗਤਾਂ ਵਿੱਚ ਹੋਏ ਅਥਾਹ ਵਾਧੇ ਨਾਲ ਮੇਲ ਕੇ ਦੇਖਣ ਦੀ ਜ਼ਰੂਰਤ ਹੈ। ਲਾਗਤਾਂ ਵਿੱਚ ਹੋਏ ਇਸ ਅਥਾਹ ਵਾਧੇ ਦੇ ਮੁਕਾਬਲੇ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਬਿਲਕੁਲ ਨਾਂਮਾਤਰ ਵਾਧਾ ਕੀਤਾ ਗਿਆ ਹੈ। ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਛੂਹ ਰਹੀ ਹੈ। ਖਾਦਾਂ ਦੀਆਂ ਕੀਮਤਾਂ ਵਿੱਚ ਪਿਛਲੇ ਦਿਨੀਂ ਡੇਢ ਗੁਣਾਂ ਤੱਕ ਵਾਧਾ ਕਰ ਦਿੱਤਾ ਹੈ। ਖੇਤੀ ਲਾਗਤਾਂ ਵਿੱਚ ਇੰਨੇ ਵੱਡੇ ਵਾਧੇ ਦੇ ਮੁਕਾਬਲੇ ਆਉਂਦੇ ਸੀਜ਼ਨ ਲਈ ਝੋਨੇ ਦੀ ਐੱਮਐੱਸਪੀ ਵਿੱਚ ਮਹਿਜ਼ 72 ਰੁਪਏ ਦਾ ਵਾਧਾ ਕੀਤਾ ਹੈ, ਜੋ ਇਕੱਲੇ ਡੀਜ਼ਲ ਦੀ ਕੀਮਤ ਵਿੱਚ ਹੋਏ ਵਾਧੇ ਦੀ ਵੀ ਪੂਰਤੀ ਨਹੀਂ ਕਰਦਾ।
ਬੁਲਾਰਿਆਂ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਕਿਸਾਨਾਂ ਦਾ ਭਲਾ ਕਰਨਾ ਚਾਹੁੰਦੇ ਹਨ ਤਾਂ ਇਹ ਖੇਤੀ ਕਾਨੂੰਨ ਰੱਦ ਕਿਉਂ ਨਹੀਂ ਕਰਦੇ। ਅਸਲ ਵਿੱਚ ਦੋ ਹਜ਼ਾਰ ਰੁਪਏ ਦੇਣਾ ਖੇਤੀ ਕਾਨੂੰਨਾਂ ਵਿਰੁੱਧ ਉਠੇ ਲੋਕ ਰੋਹ ਨੂੰ ਮੱਠਾ ਕਰਨ ਦਾ ਇੱਕ ਢਕਵੰਜ ਹੈ। ਇਸ ਦੌਰਾਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸੰਘਰਸ਼ ਵਿੱਚ ਸ਼ਮੂਲੀਅਤ ਲਗਾਤਾਰ ਜਾਰੀ ਹੈ। ਨਵਾਂਸ਼ਹਿਰ, ਬਠਿੰਡਾ, ਗੁਰਦਾਸਪੁਰ ਅਤੇ ਮੋਗਾ ਸਮੇਤ ਹੋਰ ਜ਼ਿਲ੍ਹਿਆਂ ਤੋਂ ਅੱਜ ਕਿਸਾਨਾਂ ਦੇ ਦਰਜਨਾਂ ਜਥੇ ਦਿੱਲੀ ਸੰਘਰਸ਼ ਵਿੱਚ ਹਿੱਸਾ ਲੈਣ ਲਈ ਰਵਾਨਾ ਹੋਏ।
ਖੱਟਰ ਦੇ ਬਿਆਨ ਦੀ ਨਿਖੇਧੀ
ਪੰਜਾਬ ਭਰ ’ਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਜਾਰੀ ਧਰਨਿਆਂ ’ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵਾਰ-ਵਾਰ ਕਿਸਾਨਾਂ ’ਤੇ ਕਰੋਨਾ ਫੈਲਾਉਣ ਦਾ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਖੱਟਰ ਕੇਂਦਰ ਸਰਕਾਰ ਦੀਆਂ ਨਲਾਇਕੀਆਂ ਕਿਸਾਨਾਂ ਦੇ ਸਿਰ ਨਾ ਮੜ੍ਹਨ। ਉਨ੍ਹਾਂ ਦੁਹਰਾਇਆ ਕਿ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸ਼ੌਕ ਵਜੋਂ ਨਹੀਂ ਬੈਠੇ, ਸਗੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।