ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਮਈ
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਸੱਤਾਧਾਰੀ ਕਾਂਗਰਸੀ ਆਗੂਆਂ ਵੱਲੋਂ ਕਰੋਨਾ ਤੋਂ ਬਚਾਅ ਦੇ ਨਾਂ ਉਤੇ ਵੱਖ ਵੱਖ ਥਾਵਾਂ ’ਤੇ ਲਾਏ ਜਾਂਦੇ ਟੀਕਾਕਰਨ ਕੈਂਪ ਸਿਹਤ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਹੈ। ਕਾਂਗਰਸੀ ਆਗੂਆਂ ਨੂੰ ਗੈਰ ਮਿਆਰੀ ਢੰਗ ਨਾਲ ਟੀਕਾਕਰਨ ਦੇ ਕੈਂਪ ਲਾ ਕੇ ਲੋਕਾਂ ਦੀ ਜਾਨ ਨਾਲ ਖਿਲਵਾੜ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਦੌਰਾਨ ਲੋਕਾਂ ਦੀ ਮਦਦ ਕਰਨਾ ਕੋਈ ਗੁਨਾਹ ਨਹੀਂ ਹੈ, ਪਰ ਟੀਕਾਕਰਨ ਵਰਗਾ ਮਹਾਨ ਕੰਮ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤੇ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਹੀ ਕੀਤਾ ਜਾਣਾ ਚਾਹੀਦਾ ਹੈ। ਸੂਬੇ ’ਚ ਕੁਝ ਕਾਂਗਰਸੀ ਆਗੂਆਂ ਵੱਲੋਂ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਦੇ ਕੈਂਪ ਲਾਏ ਜਾ ਰਹੇ ਹਨ, ਪਰ ਇਨ੍ਹਾਂ ਕੈਂਪਾਂ ਦੌਰਾਨ ਨਾ ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਨਾ ਹੀ ਪਾਰਦਰਸ਼ਤਾ ਰੱਖੀ ਜਾਂਦੀ ਹੈ। ਸਗੋਂ ਟੀਕਾਕਰਨ ਕੈਂਪ ਦੌਰਾਨ ਕਾਂਗਰਸੀਆਂ ਦਾ ਭਾਈ ਭਤੀਜਾਵਾਦ ਹੀ ਅੱਗੇ ਹੁੰਦਾ ਹੈ। ਪੰਜਾਬ ਵਿੱਚ ਕਰੋਨਾ ਮਹਾਮਾਰੀ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ, ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ।