ਗੁਰਿੰਦਰ ਸਿੰਘ
ਲੁਧਿਆਣਾ, 2 ਦਸੰਬਰ
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਨਵੇਂ ਉਸਾਰੇ ਗਏ ਦਰਬਾਰ ਹਾਲ ਦਾ ਰਸਮੀ ਤੌਰ ’ਤੇ ਉਦਘਾਟਨ ਜੈਕਾਰਿਆਂ ਦੀ ਗੂੰਜ ਵਿੱਚ ਕੀਤਾ ਗਿਆ, ਜਿਸ ਵਿੱਚ ਸੰਗਤ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਸੇਵਾ ਹੇਠ ਨਵੇਂ ਬਣਾਏ ਗਏ ਦਰਬਾਰ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪਵਿੱਤਰ ਸਰੂਪ ਬਿਰਾਜਮਾਨ ਕਰਨ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਵੱਦੀ ਟਕਸਾਲ ਦੇ ਬਾਨੀ ਬਾਬਾ ਸੁੱਚਾ ਸਿੰਘ ਵੱਲੋਂ ਗੁਰਬਾਣੀ ਨੂੰ ਨਿਰਧਾਰਿਤ ਰਾਗਾਂ ਵਿੱਚ ਗਾਉਣ ਦੀ ਅਲੋਪ ਹੋ ਰਹੀ ਪ੍ਰੰਪਰਾ ਨੂੰ ਪੁਨਰ ਸੁਰਜੀਤ ਕਰਨ ਲਈ ਜੋ ਇਸ ਸਥਾਨ ’ਤੇ ਬੂਟਾ ਲਗਾਇਆ ਸੀ, ਉਹ ਅੱਜ ਇੱਕ ਵਿਸ਼ਾਲ ਰੁੱਖ ਦਾ ਰੂਪ ਧਾਰਨ ਕਰ ਚੁੱਕਾ ਹੈ।