ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਮਈ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਅਵਤਾਰ ਸਿੰਘ ਭਲਵਾਨ ਦੀ ਅਗਵਾਈ ਹੇਠ ਅਧਿਆਪਕ ਮੰਗਾਂ ਦੇ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੂੰ ਮੰਗ ਪੱਤਰ ਸੌਂਪੇ ਗਏ। ਸਿੱਖਿਆ ਮੰਤਰੀ ਪੰਜਾਬ ਦੇ ਨਾਂ ਡੀਈਓ ਐਲੀਮੈਂਟਰੀ ਨੂੰ ਸੌਂਪੇ ਮੰਗ ਪੱਤਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਕਰਨ ਦੀ ਤਰੀਕ ਵਾਰ ਵਾਰ ਮੁਲਤਵੀ ਕਰਨ ਪ੍ਰਤੀ ਰੋਸ ਜਤਾਇਆ। ਯੂਨੀਅਨ ਵਫ਼ਦ ’ਚ ਸ਼ਾਮਲ ਆਗੂਆਂ ਨੇ ਕਿਹਾ ਕਿ ਬਦਲੀਆਂ ਲਾਗੂ ਨਾ ਕਰਨ ਲਈ ਸਕੂਲਾਂ ਅੰਦਰ ਵੱਡੇ ਪੱਧਰ ’ਤੇ ਅਧਿਆਪਕਾਂ ਦੀ ਘਾਟ ਹੋ ਜਾਣ ਨੂੰ ਬਹਾਨਾ ਬਣਾਇਆ ਜਾ ਰਿਹਾ ਹੈ, ਜਦਕਿ ਅਜਿਹਾ ਕੁੱਝ ਵੀ ਨਹੀਂ ਹੈ। ਬਦਲੀ ਨੀਤੀ ਦੀਆਂ ਖਾਮੀਆਂ ਨੂੰ ਤੁਰੰਤ ਦੂਰ ਕਰਕੇ ਬਦਲੀਆਂ ਨੂੰ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਤੋਂ ਇਲਾਵਾ ਡੀਈਓ ਸੈਕੰਡਰੀ ਨੂੰ ਦਿੱਤੇ ਮੰਗ ਪੱਤਰ ਵਿਚ ਆਗੂਆਂ ਨੇ ਸੈਕੰਡਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦੇ ਦਾਖਲੇ ਬੰਦ ਕਰਨ ਦੀ ਮੰਗ ਕੀਤੀ।