ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਦਸੰਬਰ
ਇਥੇ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਵਿੱਚ ਪੂਰੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਬਹਾਲ ਕਰਵਾਉਣ ਲਈ ਟਰੱਕ ਅਪਰੇਟਰਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਟਰੱਕ ਅਪਰੇਟਰਾਂ ਨੂੰ ਸੰਬੋਧਨ ਕਰਦਿਆਂ ਟਰੱਕ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਵਿਪਨ ਕੁਮਾਰ ਸ਼ਰਮਾ, ਭਵਾਨੀਗੜ੍ਹ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਤੇਜ ਸਿੰਘ ਝਨੇੜੀ ਅਤੇ ਜਗਮੀਤ ਸਿੰਘ ਭੋਲਾ ਬਲਿਆਲ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਕਾਂਗਰਸ ਦੀ ਸਰਕਾਰ ਆਈ ਤਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਭੰਗ ਕਰ ਦਿੱਤੀਆਂ ਸਨ, ਜਿਸ ਕਾਰਨ ਟਰੱਕ ਅਪਰੇਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਹਨ ਤਾਂ ਟਰੱਕ ਯੂਨੀਅਨਾਂ ਲਗਾਤਾਰ ਮੁੱਖ ਮੰਤਰੀ ਅਤੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਟਰੱਕ ਯੂਨੀਅਨਾਂ ਬਹਾਲ ਕਰਨ ਲਈ ਮੰਗ ਪੱਤਰ ਦੇ ਰਹੀਆਂ ਹਨ। ਪੰਜਾਬ ਦੀ ਪਹਿਲੇ ਨੰਬਰ ’ਤੇ ਜਾਣੀ ਜਾਂਦੀ ਟਰੱਕ ਯੂਨੀਅਨ ਭਵਾਨੀਗੜ੍ਹ ਵਿੱਚ ਟਰੱਕ ਆਪਰੇਟਰਾਂ ਨੇ ਮੰਗ ਰੱਖੀ ਕਿ ਜਲਦੀ ਤੋਂ ਜਲਦੀ ਪੰਜਾਬ ਸਰਕਾਰ ਪੂਰੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਬਹਾਲ ਕਰੇ। ਇੱਥੇ ਇਹ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਭਵਾਨੀਗੜ੍ਹ ਟਰੱਕ ਯੂਨੀਅਨ ਦਾ ਇਕ ਵਫ਼ਦ ਪੰਜਾਬ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਮਿਲਿਆ ਜਿਨ੍ਹਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਨਾਲ ਗੱਲਬਾਤ ਕਰ ਕੇ ਟਰੱਕ ਯੂਨੀਅਨ ਬਹਾਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਮੌਜੂਦਾ ਪ੍ਰਧਾਨ ਸੁਖਜਿੰਦਰ ਸਿੰਘ ਬਿੱਟੂ ਤੂਰ, ਨਰਿੰਦਰ ਸਿੰਘ ਸਾਬਕਾ ਸਰਪੰਚ, ਗੋਗੀ ਚੱਠਾ ਨਰੈਣਗੜ੍ਹ, ਕੁਲਦੀਪ ਸਿੰਘ ਚਹਿਲ, ਕੁਲਵਿੰਦਰ ਸਿੰਘ ਭੱਟੀਵਾਲ, ਅਮਰਜੀਤ ਸਿੰਘ ਚਹਿਲ, ਲਾਲੀ ਫੱਗੂਵਾਲਾ ਸਮੇਤ ਵੱਡੀ ਗਿਣਤੀ ਵਿਚ ਟਰੱਕ ਆਪਰੇਟਰ ਮੌਜੂਦ ਸਨ।