ਪੱਤਰ ਪ੍ਰੇਰਕ
ਮੋਰਿੰਡਾ, 2 ਦਸੰਬਰ
ਮੋਰਿੰਡਾ-ਸਰਹਿੰਦ ਬਾਈਪਾਸ ’ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੀ ਅਗਵਾਈ ਹੇਠ ਜਾਰੀ ਪੱਕਾ ਮੋਰਚੇ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਸੂਬਾ ਵਿੱਤ ਸਕੱਤਰ ਐੱਚ.ਐੱਸ. ਰਾਣੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ 6 ਦਸੰਬਰ ਦੀ ਮੀਟਿੰਗ ਦਾ ਸੱਦਾ ਦਿੱਤਾ ਹੈ, ਪਰ ਐਸੋਸੀਏਸ਼ਨ ਮੰਗਾਂ ਹੱਲ ਤੱਕ ਮੋਰਚਾ ਜਾਰੀ ਰੱਖੇਗੀ। ਉਨ੍ਹਾਂ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਤੋਂ ਵੀ ਪ੍ਰੈਕਟੀਸ਼ਨਰ ਧਰਨੇ ਵਿੱਚ ਸ਼ਾਮਲ ਹੋਏ ਹਨ।
ਨੂਰਪੁਰ ਬੇਦੀ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਦੀ ਸਕੀਮ ਤਹਿਤ ਕੰਮ ਕਰਦੇ ਐੱਨ.ਐੱਚ.ਐੱਮ. ਦੇ ਸਿਹਤ ਮੁਲਾਜ਼ਮਾਂ ਨੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਅੱਜ 17ਵੇਂ ਦਿਨ ਵੀ ਸਮੁੱਚੀਆਂ ਸਿਹਤ ਸੇਵਾਵਾਂ ਠੱਪ ਰੱਖੀਆਂ। ਜਥੇਬੰਦੀ ਦੇ ਆਗੂ ਨਰਿੰਦਰਪਾਲ ਤੇ ਸੀ.ਐੱਚ.ਓ. ਨੀਰੂ ਬਾਲਾ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮਾਂ ਅਣਗੌਲਿਆ ਜਾ ਰਿਹਾ ਹੈ। ਬਲਾਕ ਪ੍ਰਧਾਨ ਰਣਜੀਤ ਸਿੰਘ ਤੇ ਸੀ.ਐੱਚ.ਓ. ਮਨੀਸ਼ਾ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਕਾਰਨ ਮੁਲਾਜ਼ਮਾਂ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਉਹ ਕੋਈ ਵੀ ਕੰਮ ਨਹੀਂ ਕਰਨਗੇ। ਦੂਜੇ ਮੁਲਾਜ਼ਮਾਂ ਵੱਲੋਂ ਕੰਮ ਠੱਪ ਰੱਖਣ ਨਾਲ ਹਸਪਤਾਲ ਦੀਆਂ ਕਾਫ਼ੀ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ ਤੇ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਹੋ ਰਹੀ ਹੈ।
ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਕੰਮ ਦਾ ਬਾਈਕਾਟ ਜਾਰੀ ਰੱਖਣ ਦਾ ਐਲਾਨ
ਬਨੂੜ (ਪੱਤਰ ਪ੍ਰੇਰਕ): ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੀ ਬਨੂੜ ਇਕਾਈ ਵੱਲੋਂ ਅੱਜ ਇੱਥੋਂ ਦੇ ਸਰਕਾਰੀ ਹਸਪਤਾਲ ਵਿਖੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ 17 ਨਵੰਬਰ ਤੋਂ ਚੱਲ ਰਹੀ ਕੰਮ ਚਲੋ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਧਰਨੇ ਨੂੰ ਸੰਬੋਧਨ ਕਰਦਿਆਂ ਰੁਪਿੰਦਰ ਕੌਰ ਮੁਠਿਆੜਾਂ, ਪਰਮਜੀਤ ਕੌਰ ਕਰਾਲੀ ਆਦਿ ਬੁਲਾਰਿਆਂ ਨੇ ਸੰਘਰਸ਼ ਤੇਜ਼ ਕਰਨ ਦਾ ਅਹਿਦ ਵੀ ਲਿਆ।