ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 28 ਜਨਵਰੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੇ ਅੱਜ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਦੀ ਪ੍ਰਧਾਨਗੀ ਹੇਠ ਦੇਵੀਗੜ੍ਹ ਇਲਾਕੇ ਦੇ ਲਗਪਗ 40 ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਪੋਸਟਰ ਵੰਡੇ ਅਤੇ ਸਰਕਾਰ ਦੇ ਝੂਠੇ ਲਾਰਿਆਂ ਸਬੰਧੀ ਜਾਗਰੂਕ ਕੀਤਾ। ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਫ਼ੈਸਲਾ ਕੀਤਾ ਕਿ ਮੋਰਚੇ ਦੇ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਅੱਗੇ ਰੱਖਣਗੇ। ਇਸ ਤੋਂ ਇਲਾਵਾ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਸਿਆਸੀ ਪਾਰਟੀਆਂ ਤੋਂ ਮੁਲਾਜ਼ਮ ਮੰਗਾਂ ਸਬੰਧੀ ਸਵਾਲ ਪੁੱਛਣ। ਜ਼ਿਕਰਯੋਗ ਹੈ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪਿਛਲੇ ਕਈ ਸਾਲਾਂ ਤੋਂ ਆਪਣੀ ਹੱਕੀ ਮੰਗਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸਰਕਾਰੀ ਅਦਾਰਿਆਂ ਨੂੰ ਨਿੱਜੀਕਰਨ ਕਰਨ ਦੀ ਨੀਤੀ ਨੂੰ ਰੱਦ ਕਰਨ ਸਣ ਹੋਰ ਮੰਗਾਂ ਕਰ ਰਿਹਾ ਹੈ। ਇਸ ਮੌਕੇ ਮੱਘਰ ਸਿੰਘ, ਮਲਕੀਤ ਸਿੰਘ, ਜਸਪ੍ਰੀਤ ਸਿੰਘ, ਰਣਜੀਤ ਸਿੰਘ, ਪੁਨੀਤ ਕੁਮਾਰ, ਸੁਖਵਿੰਦਰ ਸਿੰਘ, ਬਰਿੰਦਰ ਸਿੰਘ, ਗੁਰਜਿੰਦਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।