ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਅਪਰੈਲ
ਬੇਅਦਬੀ ਮਾਮਲੇ ਵਿਚ ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਪਰੀਮ ਕੋਰਟ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਸੁਪਰੀਮ ਕੋਰਟ ਤੋਂ ਜਾਂਚ ਨਹੀਂ ਕਰਵਾਉਂਦੇ ਤਾਂ ਸਪੱਸ਼ਟ ਹੈ ਕਿ ਉਹ ਇਸ ਪ੍ਰਤੀ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਪਹਿਲਾਂ ਵੀ ਕਾਂਗਰਸ ਤੇ ਹੋਰਨਾਂ ਦੇ ਕਹਿਣ ’ਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ ਪਰ ਕਾਂਗਰਸ ਨੇ ਸੱਤਾ ਵਿਚ ਆਉਣ ਮਗਰੋਂ ਇਹ ਜਾਂਚ ਵਾਪਸ ਲੈ ਲਈ ਅਤੇ ਨਵੀਂ ਜਾਂਚ ਰਾਹੀਂ ਮਾਮਲੇ ਦਾ ਸਿਆਸੀਕਰਨ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੀਆਂ ਅਸਫਲਤਾਵਾਂ ਲੁਕਾਉਣ ਲਈ ਇਹ ਝੂਠੀ ਜਾਂਚ ਕਰਵਾਈ। ਯੂਥ ਆਗੂ ਨੇ ਦੱਸਿਆ ਕਿ ਅੱਜ ਇਥੇ ਭਾਈ ਗੁਰਦਾਸ ਹਾਲ ਵਿੱਚ ਹੋਈ ਮੀਟਿੰਗ ਦੌਰਾਨ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਦਿੱਲੀ ਦੀਆਂ ਹੱਦਾਂ ’ਤੇ ਡਟੇ ਕਿਸਾਨਾਂ ਨੂੰ ਮੀਂਹ ਅਤੇ ਝੱਖੜ ਆਦਿ ਤੋਂ ਬਚਾਉਣ ਲਈ ਟੈਂਟ ਤੇ ਤਰਪਾਲਾਂ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦਾ ਵਫ਼ਦ ਗਵਰਨਰ ਨੂੰ ਮਿਲੇਗਾ: ਢੀਂਡਸਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਹਬਿਲ ਕਲਾਂ ਮਾਮਲੇ ਸਬੰਧੀ ਪਾਰਟੀ ਦੇ ਉੱਚ ਪੱਧਰੀ ਵਫ਼ਦ ਵੱਲੋਂ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਜਾਵੇਗੀ। ਮੁਲਾਕਾਤ ਦੌਰਾਨ ਰਾਜਪਾਲ ਨੂੰ ਬਰਗਾੜੀ ਬੇਅਦਬੀ ਮਾਮਲੇ, ਬਹਬਿਲ ਕਲਾਂ ਵਿੱਚ ਪੁਲੀਸ ਵੱਲੋਂ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਅਤੇ ਕੋਟਕਪੂਰਾ ਵਿੱਚ ਸ਼ਾਂਤਮਈ ਧਰਨਾ ਦੇ ਰਹੀ ਸੰਗਤ ’ਤੇ ਹਮਲਾ ਕਰਨ ਸਬੰਧੀ ਜਾਣੂ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਜਾਵੇਗੀ। ਢੀਂਡਸਾ ਨੇ ਕਿਹਾ ਦੁੱਖ ਦੀ ਗੱਲ ਹੈ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਰੱਦ ਹੋਣ ਤੋਂ ਬਾਅਦ ਇਮਾਨਦਾਰ ਤੇ ਦਲੇਰ ਪੁਲੀਸ ਅਫਸਰ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ ਹੈ।