ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 2 ਦਸੰਬਰ
ਮੁਹਾਲੀ ਅਦਾਲਤ ਨੇ ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ ਤੇ ਸੁਖਪਾਲ ਖਹਿਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਜਿਸ ਮਗਰੋਂ ਅਦਾਲਤ ਨੇ ਖਹਿਰਾ ਦਾ ਜੁਡੀਸ਼ਲ ਰਿਮਾਂਡ 16 ਦਸੰਬਰ ਤੱਕ ਵਧਾ ਦਿੱਤਾ ਹੈ। ਉਧਰ, ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ 3 ਦਸੰਬਰ ਨੂੰ ਮੁਹਾਲੀ ਅਦਾਲਤ ’ਚ ਸੁਣਵਾਈ ਹੋਵੇਗੀ। ਖਹਿਰਾ ਨੇ ਆਪਣੇ ਵਕੀਲ ਹਰਿੰਦਰਪਾਲ ਸਿੰਘ ਰਾਹੀਂ ਅਰਜ਼ੀ ਦਾਇਰ ਕਰਕੇ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਉਹ ਨਿਆਂਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਸੁਖਪਾਲ ਖਹਿਰਾ ਨੂੰ ਬੀਤੀ 11 ਨਵੰਬਰ ਨੂੰ ਪੁੱਛ-ਗਿੱਛ ਲਈ ਈਡੀ ਦੇ ਸੈਕਟਰ-18 ਸਥਿਤ ਦਫ਼ਤਰ ’ਚ ਸੱਦਿਆ ਗਿਆ ਸੀ, ਜਿੱਥੇ ਖਹਿਰਾ ਦੀ ਗ੍ਰਿਫ਼ਤਾਰੀ ਪਾ ਲਈ ਗਈ। ਈਡੀ ਵੱਲੋਂ 2015 ਵਿੱਚ ਫਾਜ਼ਿਲਕਾ ’ਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ। ਖਹਿਰਾ ’ਤੇ ਵਿਦੇਸ਼ਾਂ ਵਿੱਚੋਂ ਚੰਦੇ ਦੇ ਰੂਪ ਵਿੱਚ ਪੈਸਾ ਇਕੱਠਾ ਕਰਨ ਦਾ ਦੋਸ਼ ਹੈ। ਬਾਅਦ ਵਿੱਚ ਈਡੀ ਨੇ ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਨਾਮਜ਼ਦ ਕਰ ਲਿਆ। ਸੁਖਪਾਲ ਖਹਿਰਾ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਈਡੀ ਦੀ ਕਾਰਵਾਈ ਨੂੰ ਚੁਨੌਤੀ ਦਿੱਤੀ ਹੈ। ਕਾਂਗਰਸੀ ਆਗੂ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਈਡੀ ਦੀ ਕਾਰਵਾਈ ਨੂੰ ਗੈਰਕਾਨੂੰਨੀ ਦੱਸਦਿਆਂ ਉਸ ਨੂੰ ਕਿਸੇ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ ਹੈ।