ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਗੁਜਰਾਤ ਕਾਡਰ ਦੇ ਆਈਪੀਐੱਸ ਅਧਿਕਾਰੀ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਈ ਕੋਰਟ ਨੇ ਸਵਾਲ ਕੀਤਾ ਕਿ ਕੀ ਅਸਥਾਨਾ ਦੀ ਨਿਯੁਕਤੀ ਨਾਲ ਸਬੰਧਤ ਕੋਈ ਹੋਰ ਅਰਜ਼ੀ ਕਿਸੇ ਹੋਰ ਅਦਾਲਤ ’ਚ ਬਕਾਇਆ ਪਈ ਹੋਈ ਹੈ ਜਾਂ ਨਹੀਂ? ਚੀਫ਼ ਜਸਟਿਸ ਡੀ ਐੱਨ ਪਟੇਲ ਨੇ ਸਦਰੇ ਆਲਮ ਵੱਲੋਂ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਜਾਣਕਾਰੀ ਮੰਗੀ। ਵਧੀਕ ਸੌਲੀਸਿਟਰ ਜਨਰਲ ਚੇਤਨ ਸ਼ਰਮਾ ਨੇ ਕਿਹਾ ਕਿ ਉਸ ਦੀ ਜਾਣਕਾਰੀ ਮੁਤਾਬਕ ਅਜਿਹੀ ਕੋਈ ਅਰਜ਼ੀ ਕਿਸੇ ਹੋਰ ਅਦਾਲਤ ’ਚ ਬਕਾਇਆ ਨਹੀਂ ਪਈ ਹੈ। ਕੇਂਦਰ ਸਰਕਾਰ ਦੇ ਵਕੀਲ ਅਮਿਤ ਮਹਾਜਨ ਨੇ ਕਿਹਾ ਕਿ ਵਿਭਾਗ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਬੈਂਚ ਨੇ ਵਕੀਲ ਨੂੰ ਕਿਹਾ ਕਿ ਉਹ ਸਾਰੇ ਪਹਿਲੂਆਂ ਦੀ ਜਾਣਕਾਰੀ ਲੈ ਕੇ ਸੋਮਵਾਰ ਨੂੰ ਅਦਾਲਤ ’ਚ ਪੇਸ਼ ਹੋਣ। ਆਲਮ ਵੱਲੋਂ ਪੇਸ਼ ਹੋਏ ਵਕੀਲ ਬੀ ਐੱਸ ਬੱਗਾ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਪਟੀਸ਼ਨ ’ਤੇ ਨੋਟਿਸ ਜਾਰੀ ਕਰਨ। ਬੈਂਚ ਨੇ ਕਿਹਾ ਕਿ ਉਹ ਅਜੇ ਕੇਸ ਨੂੰ ਪੜ੍ਹਨਗੇ ਅਤੇ ਫਿਰ ਕੋਈ ਫ਼ੈਸਲਾ ਦੇਣਗੇ। -ਪੀਟੀਆਈ