ਨਿੱਜੀ ਪੱਤਰ ਪ੍ਰੇਰਕ
ਜਲੰਧਰ,10 ਅਪਰੈਲ
ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਅੱਜ ਇੱਥੇ ਨਵੀਂ ਸਿੱਖਿਆ ਨੀਤੀ 2020 ਖ਼ਿਲਾਫ਼ ਸੂਬਾ ਪੱਧਰੀ ਕਨਵੈਨਸ਼ਨ ਸੂਬਾਈ ਕਨਵੀਨਰ ਗਗਨਦੀਪ ਸਰਦੂਲਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਕਨਵੈਨਸ਼ਨ ਦੇ ਮੁੱਖ ਬੁਲਾਰੇ ਪ੍ਰੋਫੈਸਰ ਜੈਪਾਲ ਸਿੰਘ ਸਨ। ਇਸ ਮੌਕੇ ਇੱਕ ਵੱਖਰਾ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੀਂ ਸਿੱਖਿਆ ਨੀਤੀ-2020 ਤੁਰੰਤ ਰੱਦ ਕੀਤੀ ਜਾਵੇ। ਨਾਲ ਇਹ ਫ਼ੈਸਲਾ ਵੀ ਲਿਆ ਗਿਆ ਕਿ ਇਸ ਨੀਤੀ ਨੂੰ ਰੱਦ ਕਰਵਾਉਣ ਲਈ 15 ਤੋਂ 31 ਜੁਲਾਈ ਤੱਕ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜੇ ਜਾਣਗੇ।
ਇਸ ਮੌਕੇ ਪ੍ਰੋਫੈਸਰ ਜੈਪਾਲ ਸਿੰਘ ਨੇ ਕਿਹਾ ਕਿ ਇਸ ਨੀਤੀ ਤਹਿਤ ਇਤਿਹਾਸ ਨੂੰ ਬਦਲਿਆ ਜਾ ਰਿਹਾ ਹੈ। ਡਿਜੀਟਲ ਸਿੱਖਿਆ ਦੇ ਨਾਂ ’ਤੇ ਅਧਿਆਪਕ-ਵਿਦਿਆਰਥੀ ਰਿਸ਼ਤੇ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਸਿੱਖਿਆ ਦੇ ਨਾਂ ’ਤੇ ਮੋਬਾਈਲ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਖੇਤਰ ਵਿੱਚ ਵੱਡੀ ਗਿਣਤੀ ਨੌਕਰੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਇਸ ਕਨਵੈਨਸ਼ਨ ਨੂੰ ਹਰਜਿੰਦਰ ਕੌਰ, ਮਨਪ੍ਰੀਤ ਜੌਨਸ, ਸਰਬਜੀਤ ਹੈਰੀ, ਨਿਸ਼ਾ ਸੈਣੀ ਤੇ ਭਰਾਤਰੀ ਤੌਰ ’ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਧਰਮਿੰਦਰ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਆਗੂ ਤੀਰਥ ਸਿੰਘ ਬਾਸੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗਗਨਦੀਪ ਸਰਦੂਲਗੜ੍ਹ ਦੀ ਅਗਵਾਈ ਹੇਠ ਗਿਆਰਾਂ ਮੈਂਬਰੀ ਕਮੇਟੀ ਵੀ ਬਣਾਈ ਗਈ।