ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਦਸੰਬਰ
ਭਾਕਿਯੂ ਏਕਤਾ ਉਗਰਾਹਾਂ ਵਲੋਂ ਚੋਣਾਂ ਮੌਕੇ ਕੀਤੇ ਵਾਅਦੇ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਪਿਛਲੇ 11 ਦਿਨਾਂ ਤੋਂ ਡੀ.ਸੀ. ਦਫ਼ਤਰ ਅੱਗੇ ਚੱਲ ਰਿਹਾ ਪੱਕਾ ਰੋਸ ਧਰਨਾ ਸਰਕਾਰ ਦੇ ਢਿੱਲੇ ਰਵੱਈਏ ਖ਼ਿਲਾਫ ਅੱਗੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਹਾਲੇ ਤੱਕ ਕਿਸੇ ਤਣ-ਪੱਤਣ ਨਾ ਲਗਾਉਣ ਖ਼ਿਲਾਫ਼ ਹਜ਼ਾਰਾਂ ਕਿਸਾਨਾਂ ਨੇ ਅੱਜ ਰੋਸ ਧਰਨੇ ’ਚ ਸਰਕਾਰ ਦੇ ਰਵੱਈਏ ਦੀ ਨਿਖੇਧੀ ਕੀਤੀ ਤੇ ਸੰਘਰਸ਼ਾਂ ਤੇਜ਼ ਕਰਨ ਦਾ ਸੱਦਾ ਦਿੱਤਾ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਰੋਸ ਧਰਨੇ ਦੇ 11ਵੇਂ ਦਿਨ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਯੂਨੀਅਨ ਨਾਲ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਜੋ ਕਿ ਲਾਗੂ ਨਹੀਂ ਹੋਈਆਂ। ਸਰਕਾਰ ਵੱਲੋਂ ਯੂਨੀਅਨ ਨਾਲ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ, ਜਿਸ ਕਰਕੇ ਪੱਕੇ ਰੋਸ ਧਰਨੇ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਖਾਲੀ ਹੱਥ ਨਹੀਂ ਪਰਤੇਗੀ।