ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਜੂਨ
ਫਰੀਡਮ ਫਾਈਟਰਜ਼ ਉਤਰਾਧਿਕਾਰੀ ਜਥੇਬੰਦੀ ਪੰਜਾਬ ਦੇ ਮਾਲਵਾ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਦੀ ਅਹਿਮ ਮੀਟਿੰਗ ਇੱਥੇ ਜਥੇਬੰਦੀ ਦੇ ਮੁੱਖ ਦਫ਼ਤਰ ਵਿੱਚ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ’ਤੇ ਦੇਸ਼ ਭਗਤਾਂ ਦੇ ਪਰਿਵਾਰਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਉਂਦਿਆਂ ਫਰੀਡਮ ਫਾਈਟਰਜ਼ ਭਲਾਈ ਬੋਰਡ ਦੀ ਸਥਾਪਨਾ ਨਾ ਕਰਨ ’ਤੇ ਤਿੱਖੀ ਆਲੋਚਨਾ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਨਿਰਭੈ ਸਿੰਘ, ਜ਼ਿਲ੍ਹਾ ਬਰਨਾਲਾ ਤੋਂ ਗੁਰਬੀਰ ਸਿੰਘ ਭੱਠਲ, ਜ਼ਿਲ੍ਹਾ ਮਾਨਸਾ ਤੋਂ ਜਸਵੰਤ ਸਿੰਘ ਬੁਢਲਾਡਾ, ਜ਼ਿਲ੍ਹਾ ਮਾਲੇਰਕੋਟਲਾ ਤੋਂ ਮੁਹੰਮਦ ਯਾਸੀਨ, ਜ਼ਿਲ੍ਹਾ ਪਟਿਆਲਾ ਤੋਂ ਭੁਪਿੰਦਰ ਸਿੰਘ ਸਮਾਣਾ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਿਆਸਤ ਸਿੰਘ ਅਤੇ ਆਲ ਇੰਡੀਆ ਕਮੇਟੀ ਮੈਂਬਰ ਗੁਰਇੰਦਰਪਾਲ ਸਿੰਘ ਸ਼ਾਮਲ ਹੋਏ।
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਪੰਜਾਬ ਸਰਕਾਰ ’ਤੇ ਗਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਬੋਰਡ ਬਣਾ ਕੇ ਉਨ੍ਹਾਂ ਦੇ ਚੇਅਰਮੈਨ ਨਿਯੁਕਤ ਕਰ ਦਿੱਤੇ ਹਨ ਪ੍ਰੰਤੂ ਦੇਸ਼ ਨੂੰ ਆਜ਼ਾਦ ਕਰਾਉਣ ਵਾਲੇ ਦੇਸ਼ ਭਗਤਾਂ ਦੇ ਪਰਿਵਾਰਾਂ ਲਈ ਫਰੀਡਮ ਫਾਈਟਰਜ਼ ਭਲਾਈ ਬੋਰਡ ਦੀ ਸਥਾਪਨਾ ਨਹੀਂ ਕੀਤੀ ਗਈ ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਨੂੰ ਦੇਸ਼ ਭਗਤਾਂ ਦੇ ਪਰਿਵਾਰਾਂ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਦੇਸ਼ ਭਗਤਾਂ ਦੇ ਪਰਿਵਾਰਾਂ ਲਈ 300 ਯੂਨਿਟ ਬਿਜਲੀ ਮੁਆਫ਼ੀ ਦਾ ਐਲਾਨ ਕੀਤਾ ਸੀ ਪ੍ਰੰਤੂ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਕਿ ਫਰੀਡਮ ਫਾਈਟਰਜ਼ ਭਲਾਈ ਬੋਰਡ ਦੀ ਸਥਾਪਨਾ ਕਰ ਕੇ ਚੇਅਰਮੈਨ ਨਿਯੁਕਤ ਕੀਤਾ ਜਾਵੇ, 300 ਯੂਨਿਟ ਬਿਜਲੀ ਮੁਆਫ਼ੀ ਦਾ ਫੈਸਲਾ ਲਾਗੂ ਕੀਤਾ ਜਾਵੇ, ਦੇਸ਼ ਭਗਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇ ਜਾਂ ਬੇਰੁਜ਼ਗਾਰੀ ਭੱਤਾ 10 ਹਜ਼ਾਰ ਰੁਪਏ ਦਿੱਤਾ ਜਾਵੇ ਅਤੇ 60 ਸਾਲ ਤੋਂ ਵੱਧ ਉਮਰ ਦੇ ਪਰਿਵਾਰਕ ਮੈਂਬਰਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ 14 ਜੂਨ ਤੱਕ 300 ਯੂਨਿਟ ਬਿਜਲੀ ਮੂਆਫੀ ਦਾ ਫੈਸਲਾ ਲਾਗੂ ਨਾ ਕੀਤਾ ਗਿਆ ਤਾਂ 15 ਜੂਨ ਨੂੰ ਪਾਵਰਕੌਮ ਦੇ ਚੇਅਰਮੈਨ ਦੇ ਮੁੱਖ ਦਫ਼ਤਰ ਪਟਿਆਲਾ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।