ਬੀਰ ਇਂਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 30 ਦਸੰਬਰ
ਪੇਂਡੂ ਖੇਤ ਮਜ਼ਦੂਰ ਜਥੇਬਮਦੀਆਂ ਦੇ ਸਾਂਝੇ ਮੋਰਚੇ ਨੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਪਹਿਲਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਸਨ ਪਰ ਹੁਣ ਮੰਗਾਂ ਲਾਗੂ ਕਰਨ ਤੋਂ ਭੱਜ ਰਿਹਾ ਹੈ। ਅੱਜ ਇਥੇ ਐੱਸਡੀਐੱਮ ਦਫਤਰ ਅੱਗੇ, ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ ਤੇ ਕਾਰਕੁਨਾਂ ਵੱਲੋਂ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਭਵਾਨੀਗੜ੍ਹ (ਪੱਤਰ ਪ੍ਰੇਰਕ) ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਅੱਜ ਸੀਪੀਆਈ ਐਮਐਲ ਲਬਿਰੇਸ਼ਨ ਨਾਲ ਸਬੰਧਤ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਬੀਡੀਪੀਓ ਦਫ਼ਤਰ ਭਵਾਨੀਗੜ੍ਹ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਰੇਤਗੜ, ਜ਼ਿਲ੍ਹਾ ਸਕੱਤਰ ਪ੍ਰੇਮ ਸਿੰਘ ਖਡਿਆਲੀ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਗਈ ਹੈ।
ਧੂਰੀ (ਖੇਤਰੀ ਪ੍ਰਤੀਨਿਧ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੇ ਕਾਂਗਰਸ ਸਰਕਾਰ ਦੀ ਵਾਅਦਾਖ਼ਿਲਾਫੀ ਤੋਂ ਤੰਗ ਆ ਕੇ ਮਜ਼ਦੂਰਾਂ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।