ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਜੂਨ
ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਮਿਸ਼ਨ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਸਰਕਾਰਾਂ ਵੱਲੋਂ ਲੋਕ ਮਾਰੂ ਨੀਤੀਆਂ ਨੂੰ ਕਾਨੂੰਨੀ ਰੂਪ ਦੇਣ ਦੇ ਰੁਝਾਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਪੁਲੀਸ ਭਰਤੀ ਦਾ ਠੇਕਾ ਕਾਰੋਬਾਰੀ ਘਰਾਣੇ ਨੂੰ ਦੇਣਾ ਮੰਦਭਾਗੀ ਗੱਲ ਹੈ। ਰਾਮੂਵਾਲੀਆ ਨੇ ਟੈਕਸੀ, ਕੈਂਟਰ, ਟੈਂਪੂ ਆਦਿ ਚਲਾਉਣ ਦੀ ਮਨਜ਼ੂਰੀ ਦੇਣ ਦੀ ਸ਼ਕਤੀ ਕਾਰੋਬਾਰੀ ਘਰਾਣਿਆਂ ਨੂੰ ਦੇਣ ਕਰਕੇ ਕੇਂਦਰ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਅਤੇ ਕਰਜ਼ਿਆਂ ਦੇ ਬੋਝ ਕਰਕੇ ਖ਼ੁਦਕਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਰਾਖਵੇਂਕਰਨ ਦੀ ਮੰਗ ਕੀਤੀ ਹੈ। ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਦਾ ਖਿਆਲ ਰੱਖਣਾ ਹੁੰਦਾ ਹੈ ਪਰ ਕੇਂਦਰ ਅਤੇ ਸੂਬਾ ਸਰਕਾਰ ਲੋਕਾਂ ਦੇ ਕੰਮ-ਧੰਦੇ ਠੱਪ ਕਰਨ ’ਤੇ ਲੱਗੀ ਹੋਈ ਹੈ।