ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 29 ਅਗਸਤ
ਆਲ ਇੰਡੀਆ ਲਾਇਰਜ਼ ਯੂਨੀਅਨ ਅਤੇ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੀ ਸਾਂਝੀ ਮੀਟਿੰਗ ਸੂਬਾ ਪ੍ਰਧਾਨ ਤਾਰਾ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ, ਪੁੱਡਾ ਮੰਤਰੀ, ਸਥਾਨਕ ਸਰਕਾਰ ਵਿਭਾਗ ਅਤੇ ਮਾਲ ਮੰਤਰੀਆਂ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਪੰਜਾਬ ਵਿੱਚ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਇੱਕ ਕਨਾਲ ਤੋਂ ਘੱਟ ਖੇਤੀਬਾੜੀ ਵਾਲੀ ਜ਼ਮੀਨ ਦੀਆਂ ਰਜਿਸਟਰੀਆਂ ’ਤੇ ਲੱਗੀ ਰੋਕ ਤੁਰੰਤ ਹਟਾਈ ਜਾਵੇ।
ਧਾਲੀਵਾਲ ਨੇ ਦੱਸਿਆ ਕਿ ਭਾਰਤੀ ਰਜਿਸਟਰੇਸ਼ਨ ਐਕਟ ਤਹਿਤ ਸਰਕਾਰ ਨੂੰ ਰਜਿਸਟਰੀਆਂ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪੁੱਡਾ ਵੱਲੋਂ ਉਨ੍ਹਾਂ ਸਾਰੇ ਪਿੰਡਾਂ ਦੀ ਸੂਚੀ ਜਾਰੀ ਕਰਨੀ ਚਾਹੀਦੀ ਹੈ ਜਿੱਥੇ ਕੋਈ ਕਲੋਨੀ ਨਹੀਂ ਉਸਾਰੀ ਜਾ ਰਹੀ। ਮੀਟਿੰਗ ਵਿੱਚ ਐਡਵੋਕੇਟ ਤਾਰਾ ਸਿੰਘ ਚਾਹਲ, ਜਸਪਾਲ ਸਿੰਘ ਦੱਪਰ, ਸੁਸ਼ੀਲ ਅੱਤਰੀ, ਅਮਰਜੀਤ ਸਿੰਘ ਲੌਂਗੀਆ, ਜਸਬੀਰ ਸਿੰਘ ਚੌਹਾਨ, ਲਲਿਤ ਸੂਦ, ਯਸ਼ਜੋਤ ਸਿੰਘ ਧਾਲੀਵਾਲ, ਅਜੈ ਸ਼ੰਕਰ, ਜਸਮੀਤ ਸਰਵਾਰਾ, ਵਿਕਰਮਜੀਤ ਸਿੰਘ ਬੈਦਵਾਨ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਕਰਨ ਸਿੰਘ ਵੀ ਮੌਜੂਦ ਸਨ।