ਸ਼ੰਗਾਰਾ ਸਿੰਘ ਅਕਲੀਆ
ਜੋਗਾ, 22 ਨਵੰਬਰ
ਅਕਲੀਆ ਦੇ ਵੱਖ-ਵੱਖ ਵਸਨੀਕ ਵਾਰਡਾਂ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਹਨ। ਵਾਰਡ ਵਾਸੀ ਜਥੇਦਾਰ ਜੀਤ ਸਿੰਘ ਤੇ ਬਿੱਕਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਪਏ ਖਾਲੀ ਪਲਾਟਾਂ ਵਿੱਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਇਹ ਪਸ਼ੂ ਦੂਰ-ਦਰਾਡੇ ਖੇਤਾਂ ਵਿੱਚ ਚਲੇ ਜਾਂਦੇ ਹਨ, ਪਰ ਦਿਨ ਚੜ੍ਹਦਿਆਂ ਹੀ ਵਾਪਸ ਵਾਰਡਾਂ ਵਿੱਚ ਪਰਤ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਗਲੀਆਂ ਵਿੱਚ ਖੜ੍ਹਨ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਨੂੰ ਪ੍ਰੇਸ਼ਾਨੀ ਆਉਂਦੀ ਹੈ।
ਉਨ੍ਹਾਂ ਕਿਹਾ ਕਿ ਪਸ਼ੂਆਂ ਕਾਰਨ ਕਈ ਵਾਰ ਗਲੀਆਂ ਵਿੱਚ ਖੜ੍ਹੇ ਵਾਹਨਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਕਲੀਆ ਵਿੱਚ ਲਗਾਤਾਰ ਵਧ ਰਹੀ ਆਵਾਰਾ ਪਸ਼ੂਆਂ ਤਾਦਾਦ ਨੂੰ ਠੱਲ੍ਹ ਪਾਈ ਜਾਵੇ ਤੇ ਪਿੰਡ ਵਿੱਚ ਫਿਰਦੇ ਪਸ਼ੂਆਂ ਨੂੰ ਗਊਸ਼ਾਲਾ ਵਿੱਚ ਛੱਡਣ ਦਾ ਪ੍ਰਬੰਧ ਕੀਤਾ ਜਾਵੇ ।
ਆਵਾਰਾ ਪਸ਼ੂਆਂ ਖ਼ਿਲਾਫ਼ ਮੁਹਿੰਮ ਵਿੱਢੀ
ਫ਼ਰੀਦਕੋਟ (ਜਸਵੰਤ ਜੱਸ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਵਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਵਿਚ ਇਸ ਸਬੰਧੀ ਹੋਏ ਸਮਾਗਮ ਵਿੱਚ ਡਾਕ ਵਿਭਾਗ ਫ਼ਰੀਦਕੋਟ ਵੱਲੋਂ ਰੋਇੰਗ ਐਨੀਮਲ ਸੁਸਾਇਟੀ ਅਤੇ ਸ਼ਹਿਰ ਦੇ ਨਾਂ ’ਤੇ ਡਾਕ ਟਿਕਟ ਜਾਰੀ ਕੀਤੀ ਗਈ। ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਹੁਣ ਤਕ 875 ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਹੁਣ ਡਾਕ ਵਿਭਾਗ ਦੀ ਰੋਇੰਗ ਐਨੀਮਲ ਸੁਸਾਇਟੀ ਵੀ ਸਹਿਯੋਗ ਦੇਵੇਗੀ।