ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਮੁੱਖ ਸਕੱਤਰ ਵੀ. ਉਮਾਸ਼ੰਕਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਸਪਤਾਲਾਂ ਵਿੱਚ ਇਲਾਜ ਅਧੀਨ ਕਰੋਨਾ ਮਰੀਜ਼ਾਂ ਦਾ ਡਾਟਾ ਨਿਰਧਾਰਤ ਪੋਰਟਲ ’ਤੇ ਅਪਡੇਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਰੋਨਾ ਮਰੀਜ਼ਾਂ ਨੂੰ ਘਰ ਵਿੱਚ ਆਕਸੀਜਨ ਸਿਲੰਡਰ ਡਲਿਵਰੀ ਸਮੇਂ ਸਿਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੀ ਰੋਕਥਾਮ ਲਈ ਕਰੋਨਾ ਮਰੀਜ਼ਾਂ ਦੀ ਟੈਸਟਿੰਗ ਬਹੁਤ ਜ਼ਰੂਰੀ ਹੈ ਜਿਸ ਲਈ ਹਰ ਸੰਭਵ ਕਦਮ ਚੁੱਕੇ ਜਾਣ। ਘਰਾਂ ਵਿੱਚ ਇਕਾਂਤਵਾਸ ਕੀਤੇ ਮਰੀਜ਼ਾਂ ਦੀ ਸਿਹਤ ਦਾ ਸਮੇਂ-ਸਮੇਂ ’ਤੇ ਜਾਇਜ਼ਾ ਲਿਆ ਜਾਵੇ। ਸ੍ਰੀ ਉਮਾਸ਼ੰਕਰ ਨੇ ਕਿਹਾ ਕਿ ਕਰੋਨਾ ਮਰੀਜ਼ਾਂ ਦੇ ਘਰਾਂ ਵਿੱਚ ਸਿਲੰਡਰ ਭਰ ਕੇ ਪਹੁੰਚਾਏ ਜਾਣ ਤੇ ਇਸ ਲਈ ਕਿਸੇ ਨੂੰ 12 ਘੰਟੇ ਤੋਂ ਵੱਧ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਜਲਦੀ ਤੋਂ ਜਲਦੀ ਆਕਸੀਜਨ ਸਿਲੰਡਰ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਕਰੋਨਾ ਮਰੀਜ਼ਾਂ ਤੋਂ ਫੋਨ ਰਾਹੀਂ ਅਧਿਕਾਰੀਆਂ ਦੀ ਸੇਵਾਵਾਂ ਬਾਰੇ ਜਾਣਕਾਰੀ ਲਈ ਜਾਵੇਗੀ।