ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਜੂਨ
ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਹਰ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਦੀ ਤਰਫੋਂ ਤਾਇਨਾਤ ਜਨਰਲ ਅਬਜ਼ਰਵਰ ਮੁਹੰਮਦ ਜੁਬੇਰ ਅਲੀ ਹਾਸ਼ਮੀ (ਆਈ.ਏ.ਐੱਸ) ਨੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਹਾਸ਼ਮੀ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਜ਼ਿਮਨੀ ਚੋਣ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਲਿਖਤੀ ਤੌਰ ’ਤੇ ਲਿਸਟ ਤਿੰਨ ਦਿਨਾਂ ਵਿੱਚ ਉਨ੍ਹਾਂ ਨੂੰ ਮੁਹੱਈਆ ਕਰਵਾ ਸਕਦੇ ਹਨ। ਜਨਰਲ ਅਬਜ਼ਰਵਰ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਇਕ ਦੂਜੇ ਬਾਰੇ ਵਿਅਕਤੀਗਤ ਤੌਰ ਉੱਤੇ ਨਿੱਜੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਉਮੀਦਵਾਰ ਦੇ ਧਿਆਨ ਵਿੱਚ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦਾ ਮਾਮਲਾ ਆਉਂਦਾ ਹੈ ਤਾਂ ਉਹ ਇਸਦੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਆਦਰਸ਼ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ। ਇਸ ਮੌਕੇ ਖਰਚਾ ਅਬਜ਼ਰਵਰ ਸ਼ਿਆਮ ਮਨੋਹਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਲਈ 95 ਲੱਖ ਰੁਪਏ ਦੀ ਖਰਚਾ ਹੱਦ ਨਿਰਧਾਰਤ ਕੀਤੀ ਗਈ ਹੈ।