ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 8 ਮਈ
ਸ਼ਹਿਰ ਦੇ ਭਾਜਪਾ ਵਿਧਾਇਕ ਅਸੀਮ ਗੋਇਲ ਅਤੇ ਉਸ ਦੇ ਸਾਥੀਆਂ ਵੱਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਅਤੇ ਇਸ ਲਈ ਕੋਈ ਵੀ ਬਲੀਦਾਨ ਦੇਣ ਜਾਂ ਲੈਣ ਦੀ ਸਹੁੰ ਚੁੱਕਣ ਵਿਰੁੱਧ ਵੱਖ-ਵੱਖ ਧਰਮ ਦੇ ਨੁਮਾਇੰਦਿਆਂ ਨੇ ਅੱਜ ਗੁਰਦੁਆਰਾ ਪੰਜੋਖਰਾ ਸਾਹਿਬ ਵਿਚ ਮੀਟਿੰਗ ਕਰਕੇ ਇਕ ਮਤ ਹੁੰਦਿਆਂ ਭਾਜਪਾ ਵਿਧਾਇਕ ਤੇ ਵਰਕਰਾਂ ਵਿਰੁੱਧ ਦੇਸ਼-ਧ੍ਰੋਹ ਸਮੇਤ ਸੰਗੀਨ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰ ਕੇ ਕਾਰਵਾਈ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਹਿੰਦੂ, ਸਿੱਖ, ਮੁਸਲਿਮ, ਈਸਾਈ, ਬੋਧੀ ਅਤੇ ਜੈਨ ਧਰਮ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਸਾਰੇ ਆਗੂਆਂ ਅਤੇ ਸਮੂਹ ਸੰਗਤ ਨੇ ਇਸ ਘਟਨਾ ਨੂੰ ਨਿੰਦਣਯੋਗ ਦੱਸਿਆ। ਉਨ੍ਹਾਂ ਕਿਹਾ ਕਿ ਦੇਸ਼ ਦਾ ਮਾਹੌਲ ਖਰਾਬ ਕਰਨ ਵਾਲੇ ਅਜਿਹੇ ਵਿਅਕਤੀ ਵਿਰੁੱਧ ਦੇਸ਼-ਧ੍ਰੋਹ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਬੁਲਾਰਿਆਂ ਦਾ ਕਹਿਣਾ ਸੀ ਕਿ ਅਫ਼ਸੋਸ ਦੀ ਗੱਲ ਹੈ ਕਿ ਗੁਰਦੁਆਰਾ ਮੰਜੀ ਸਾਹਿਬ ਵਿੱਚ ਹੋਈ ਮੀਟਿੰਗ ਮਗਰੋਂ ਡੀਐੱਸਪੀ ਜੁਗਿੰਦਰ ਸ਼ਰਮਾ ਨੂੰ ਲਿਖਤ ਸ਼ਿਕਾਇਤ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।