ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ/ਮਾਲੇਰਕੋਟਲਾ, 10 ਜੂਨ
ਪੈਗੰਬਰ ਮੁਹੰਮਦ ਖ਼ਿਲਾਫ਼ ਟਿੱਪਣੀ ਕਰਨ ਦੇ ਮਾਮਲੇ ਵਿੱਚ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਦੇ ਐਲਾਨ ’ਤੇ ਅੱਜ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ। ਮੁਸਲਿਮ ਭਾਈਚਾਰੇ ਨੇ ਪੈਗੰਬਰ ਮੁਹੰਮਦ ਵਿਰੁੱਧ ਟਿੱਪਣੀਆਂ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਇਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਇੱਕ ਮੰਗ ਪੱਤਰ ਲੁਧਿਆਣਾ ਦੇ ਏਡੀਸੀ ਜਨਰਲ ਰਾਹੁਲ ਚੱਬਾ ਨੂੰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਇੱਥੇ ਇਤਿਹਾਸਕ ਜਾਮਾ ਮਸਜਿਦ ਦੇ ਬਾਹਰ ਜੁੰਮੇ ਦੀ ਨਮਾਜ਼ ਮਗਰੋਂ ਮਜਲਿਸ ਅਹਿਰਾਰ ਇਸਲਾਮ ਹਿੰਦ ਨੇ ਭਾਜਪਾ ਵੱਲੋਂ ਮੁਅੱਤਲ ਨੁਪੂਰ ਸ਼ਰਮਾ ਅਤੇ ਨਵੀਨ ਜਿੰਦਲ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ। ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਕੌਮੀ ਪ੍ਰਧਾਨ ਅਤੇ ਸ਼ਾਹੀ ਇਮਾਮ ਨੇ ਕਿਹਾ ਕਿ ਪੈਗੰਬਰ ਖਿਲਾਫ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਜਦਕਿ ਨੁਪੂਰ ਸ਼ਰਮਾ ਅਤੇ ਨਵੀਨ ਜਿੰਦਲ ਨੇ ਤਾਂ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ‘ਚ ਨਫ਼ਰਤ ਦੀ ਰਾਜਨੀਤੀ ਜ਼ਿਆਦਾ ਦੇਰ ਤੱਕ ਚੱਲਣ ਵਾਲੀ ਨਹੀਂ ਹੈ। ਇਸਲਾਮ ਖ਼ਿਲਾਫ਼ ਜਿੰਨਾ ਮਰਜ਼ੀ ਝੂਠ ਦਾ ਪ੍ਰਚਾਰ ਕੀਤਾ ਜਾਵੇ, ਪਰ ਸੱਚ ਕਿਸੇ ਤੋਂ ਲੁਕਿਆ ਨਹੀਂ ਹੈ। ਇਸੇ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਮਾਲੇਰਕੋਟਲਾ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਬਾਅਦ ਵਿੱਚ ਏਡੀਸੀ ਨੂੰ ਮੰਗ-ਪੱਤਰ ਦਿੱਤਾ ਗਿਆ। ਉਨ੍ਹਾਂ ਮੰਗ ਪੱਤਰ ਰਾਹੀਂ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।