ਇਕਬਾਲ ਸਿੰਘ ਸ਼ਾਂਤ
ਲੰਬੀ, 29 ਦਸੰਬਰ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਲੰਬੀ ਹਲਕੇ ’ਚ ਜਨ-ਰਾਬਤਾ ਮੁਹਿੰਮ ਤਹਿਤ ਲੋਕਾਂ ਨੂੰ ਸੰਬੋਧਨ ਕੀਤਾ। ਸਿੱਖਵਾਲਾ, ਫਤੂਹੀਖੇੜਾ, ਤਰਮਾਲਾ, ਭਾਈਕੇਰਾ, ਬਲੋਚਕੇਰਾ ਅਤੇ ਮਾਹਣੀਖੇੜਾ ਵਿੱਚ ਜਲਸਿਆਂ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਸਿਆਸੀ ਦਲਬਦਲੀਆਂ ਨੂੰ ਮਹਾ ਪਾਪ ਦੱਸਿਆ ਹੈ। ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਚੋਣਾਂ ਸਮੇਂ ਸਿਆਸੀ ਫਾਇਦੇ ਲਈ ਬੇਅਦਬੀਆਂ ਅਤੇ ਬੰਬ ਧਮਾਕੇ ਭਾਈਚਾਰਕ ਸਾਂਝ ਨੂੰ ਕਮਜ਼ੋਰ ਕਰਨ ਅਤੇ ਡਰ ਦਾ ਮਾਹੌਲ ਬਣਾਉਣ ਲਈ ਕੀਤੇ ਜਾ ਰਹੇ ਹਨ।
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਨਕਾਰੇ ਆਗੂ ਅਤੇ ਪੰਜਾਬ ਦੇ ਦੁਸ਼ਮਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਉਹ ਆਗੂ ਹਨ, ਜਿਨ੍ਹਾਂ ਨੂੰ ਟਿਕਟਾਂ ਨਹੀਂ ਮਿਲੀਆਂ ਜਾਂ ਉਹ ਲੋਕ ਕਚਿਹਰੀ ’ਚ ਹਾਰੇ ਹੋਏ ਹਨ। ਹੁਣ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਮੁੜ ਖੇਤੀ ਕਾਨੂੰਨ ਲਿਆਉਣ ਦੇ ਦਾਅਵੇ ਕਰਨ ਦੇ ਹਾਲਾਤਾਂ ਵਿਚਕਾਰ ਵੱਖ-ਵੱਖ ਆਗੂਆਂ ਦਾ ਭਾਜਪਾ ’ਚ ਸ਼ਾਮਲ ਹੋਣਾ ਸਿੱਧੇ ਤੌਰ ’ਤੇ ਕਿਸਾਨ ਵਿਰੋਧੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਤਾਕਤਾਂ ਪੰਜਾਬ ’ਤੇ ਪੂਰਨ ਕਬਜ਼ੇ ਖਾਤਰ ਵਿਧਾਨ ਸਭਾ ਚੋਣਾਂ ’ਚ ਕਮਜ਼ੋਰ ਸਰਕਾਰ ਜਾਂ ਚੋਣਾਂ ਲੇਟ ਕਰਵਾ ਕੇ ਰਾਸ਼ਟਰਪਤੀ ਰਾਜ ਲਾਗੂ ਕਰਨ ਦਾ ਮਾਹੌਲ ਸਿਰਜਣ ਲਈ ਸਾਜ਼ਿਸ਼ਾਂ ਘੜ ਰਹੀਆਂ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਝੂਠ ਦੇ ਸਹਾਰੇ ਸਿਆਸਤ ਕਰਨ ਦੇ ਦੋਸ਼ ਲਾਏ। ਉਨ੍ਹਾਂ ਅਰਵਿੰਦ ਕੇਜਰੀਵਲ ’ਤੇ ਵੀ ਤਿੱਖੇ ਹਮਲੇ ਕਰਦੇ ਹੋਏ ਉਸ ਨੂੰ ਮੌਕਾਪ੍ਰਸਤ ਕਰਾਰ ਦਿੱਤਾ।
ਭਾਜਪਾ, ਕੈਪਟਨ ਤੇ ਢੀਂਡਸਾ ਦਾ ਗੱਠਜੋੜ ਜੱਗ ਜ਼ਾਹਿਰ: ਮਾਨ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਜਪਾ, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ (ਸੰਯੁਕਤ) ਦੇ ਗੱਠਜੋੜ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਪੁਰਾਣਾ ਨਾਪਾਕ ਗੱਠਜੋੜ ਜੱਗ ਜ਼ਾਹਿਰ ਹੋ ਹੀ ਗਿਆ ਹੈ ਤਾਂ ਆਪਣੀਆਂ ਸਿਫ਼ਰਾਂ ਨਾਲ ਉਹ ਬੇਸ਼ੱਕ ਬਾਦਲਾਂ ਵਾਲੀ ਸਿਫ਼ਰ ਵੀ ਜੋੜ ਲੈਣ ਪਰ ਨਤੀਜਾ ਫਿਰ ਵੀ ਸਿਫ਼ਰ ਹੀ ਰਹੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 2017 ’ਚ ਸਰਕਾਰ ਬਣਨ ਤੋਂ ਬਾਅਦ ਸਾਢੇ ਚਾਰ ਸਾਲ ਫਾਰਮ ਹਾਊਸ ’ਚ ਬੈਠ ਕੇ ਸਰਕਾਰ ਚਲਾਉਂਦੇ ਰਹੇ। ਹੁਣ ਲੋਕ ਉਨ੍ਹਾਂ ’ਤੇ ਵਿਸ਼ਵਾਸ਼ ਨਹੀਂ ਕਰਨਗੇ।