ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਹਾਈ ਕੋਰਟ ਨੇ ਪ੍ਰੀਖਿਆਵਾਂ ਵਿਚ ਸਿੱਖ ਵਿਦਿਆਰਥੀਆਂ ਵੱਲੋਂ ਪੰਜ ਕਕਾਰ ਧਾਰਨ ਕਰਨ ਨੂੰ ਉਨ੍ਹਾਂ ਦਾ ਮੌਲਿਕ ਹੱਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੱਡੀ ਜਿੱਤ ਹੈ।
ਕਾਲਕਾ ਨੇ ਦੱਸਿਆ ਕਿ ਪਿਛਲੇ ਸਾਲ 17 ਜੁਲਾਈ ਨੂੰ ਇਕ ਸਿੱਖ ਬੱਚੀ ਨੂੰ ਇਨ੍ਹਾਂ ਕਕਾਰਾਂ ਕਰਕੇ ਵਿਵੇਕ ਵਿਹਾਰ ਕੇਂਦਰ ਵਿਚ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ ਸੀ। ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਕਾਨੂੰਨੀ ਲੜਾਈ ਲੜੀ ਤੇ ਹੁਣ ਦਿੱਲੀ ਹਾਈ ਕੋਰਟ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ ਯਾਨੀ ਪੰਜ ਕਕਾਰ ਧਾਰਨ ਕਰਨ ਦਾ ਪੂਰਾ ਹੱਕ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਜਸਟਿਸ ਰੇਖਾ ਪੱਲੀ ਦੀ ਅਦਾਲਤ ਵਿਚ ਸੁਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਸਿੱਖਿਆ ਵਿਭਾਗ ਦੀ ਝਾੜ-ਝੰਬ ਕਰਦਿਆਂ ਬੱਚੀ ਦਾ ਪੇਪਰ ਦੁਬਾਰਾ ਲੈਣ ਲਈ ਕਿਹਾ ਹੈ। ਅਦਾਲਤ ਨੇ ਉਮਰ ਹੱਦ ਦੀ ਛੋਟ ਵੀ ਦਿੱਤੀ ਹੈ।