ਹਰਦੀਪ ਸਿੰਘ ਸੋਢੀ
ਧੂਰੀ, 24 ਜਨਵਰੀ
ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੱਲੋਂ ਸ਼ਹਿਰ ਅੰਦਰ ਚੋਣ ਪ੍ਰਚਾਰ ਤੇਜ਼ ਕਰਦਿਆਂ ਹਰ ਵਾਰਡ ਤੇ ਪਿੰਡ ’ਚ ਆਪ ਵਰਕਰਾਂ ਦੇ ਨਾਲ-ਨਾਲ ਹਲਕੇ ਦੇ ਵੋਟਰਾਂ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਧੂਰੀ ਦੇ ਲੋਕਾਂ ਨੇ ਭਗਵੰਤ ਮਾਨ ਦੀ ਹਰ ਚੋਣ ਵਿੱਚ ਰਿਕਾਰਡਤੋੜ ਵੋਟਾਂ ਪਾ ਕੇ ਪਾਰਟੀ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਹੁਣ ਵੀ ਮਾਨ ਧੂਰੀ ਤੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਸਾਰੇ ਰਿਕਾਰਡ ਤੋੜਨਗੇ। ਮਨਪ੍ਰੀਤ ਕੌਰ ਨੇ ਕਿਹਾ ਕਿ ਧੂਰੀ ਸ਼ਹਿਰ ਦੇ ਲੋਕਾਂ ਲਈ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਚੋਣ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਪ ਪਾਰਟੀ ਦੀ ਸਰਕਾਰ ਬਣਨ ਤੇ ਧੂਰੀ ਸ਼ਹਿਰ ਨੂੰ ਪੰਜਾਬ ਦਾ ਸਭ ਤੋਂ ਸੋਹਣਾ ਸ਼ਹਿਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਸ਼ਹਿਰ ਦੇ ਵਾਰਡਾਂ ਵਿੱਚ ਆਪਣੇ ਪੁੱਤਰ ਲਈ ਪ੍ਰਚਾਰ ਕੀਤਾ। ਇਸ ਮੌਕੇ ਉੱਪਰ ਟ੍ਰੇਡ ਵਿੰਗ ਦੇ ਪ੍ਰਧਾਨ ਸਤਿੰਦਰ ਸਿੰਘ ਚੱਠਾ, ਜਸਵਿੰਦਰ ਸਿੰਘ,ਇਕਵਾਲ ਸਿੰਘ ਫਰਵਾਹੀ, ਰੂਬਲ ਬਾਜਵਾ, ਅਕਸੇ ਕੁਮਾਰ ਧੂਰੀ, ਛੱਜੂ ਸਿੰਘ ਹੋਰ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਸਿੰਗਲਾ ਵੱਲੋਂ ਪਿੰਡਾਂ ਵਿੱਚ ਚੋਣ ਮੀਟਿੰਗਾਂ
ਭਵਾਨੀਗੜ੍ਹ (ਪੱਤਰ ਪ੍ਰੇਰਕ): ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਵੱਲੋਂ ਅੱਜ ਬਲਾਕ ਦੇ ਪਿੰਡ ਰਾਮਪੁਰਾ, ਬਲਿਆਲ, ਭੱਟੀਵਾਲ ਖੁਰਦ, ਬਟੜਿਆਣਾ, ਬਾਸੀਅਰਖ, ਰਾਮਗੜ੍ਹ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਗਰੂਰ ਹਲਕੇ ਵਿੱਚ ਆਪਣੇ ਕਾਰਜਕਾਲ ਦੌਰਾਨ ਵਿਕਾਸ ਕਾਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਭੇਜੀ ਗਰਾਂਟ ਸਦਕਾ ਅੱਜ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਪੂਰੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਹਰ ਪਿੰਡ ਵਿੱਚ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ।