ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਲਈ ਹਰ ਖੇਤਰ ਵਿੱਚ ਢੁਕਵੇਂ ਕਦਮ ਚੁੱਕੇ ਜਾਣਗੇ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਦੀ ਅਲਾਮਤ ਅਤੇ ਪ੍ਰਦੂਸ਼ਣ ਦੇ ਖਾਤਮੇ ਤੋਂ ਇਲਾਵਾ ਰੁਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸੁਹਿਰਦ ਯਤਨ ਕੀਤੇ ਜਾਣਗੇ। ਇਹ ਦਾਅਵਾ ਸ੍ਰੀ ਮਾਨ ਨੇ ਨਾਗਪੁਰ ਵਿੱਚ ਲੋਕਮਤ ਅਖ਼ਬਾਰ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਹਿੱਸਾ ਲੈਂਦਿਆ ਕੀਤਾ। ਇਸ ਮੌਕੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।
ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਪੈਰ ਪਸਾਰੇ ਹਨ, ਪਰ ‘ਆਪ’ ਸਰਕਾਰ ਇਨ੍ਹਾਂ ਸਾਰੀਆਂ ਅਲਾਮਤਾਂ ਨੂੰ ਠੱਲ੍ਹ ਪਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵੇਗੀ। ਉਨ੍ਹਾਂ ਕਿਹਾ, ‘‘ਨਸ਼ਿਆਂ ਦੇ ਖਾਤਮੇ ਲਈ ‘ਨਸ਼ਿਆਂ ਦੀਆਂ ਸਰਿੰਜਾਂ’ ਨੂੰ ‘ਟਿਫਨ ਬਾਕਸ’ ਨਾਲ ਬਦਲਣ ਦੀ ਲੋੜ ਹੈ। ਕੋਈ ਵੀ ਵਿਅਕਤੀ ਜੋ ਲਾਹੇਵੰਦ ਰੁਜ਼ਗਾਰ ਨਾਲ ਜੁੜਿਆ ਹੋਵੇ, ਉਹ ਦਫਤਰ ਵਿੱਚ ਟਿਫਨ ਬਾਕਸ ਲੈ ਕੇ ਜਾਂਦਾ ਹੈ ਅਤੇ ਉਸ ਕੋਲ ਨਸ਼ਾ ਕਰਨ ਦਾ ਕੋਈ ਸਮਾਂ ਹੀ ਨਹੀਂ ਹੁੰਦਾ।’’ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਹਿਜ਼ 50 ਦਿਨਾਂ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਮੈਰਿਟ ਅਧਾਰਿਤ ਵਿਧੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ’ਤੇ ਲੰਬਾ ਸਮਾਂ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਬਰਤਾਨਵੀ ਸ਼ਾਸਨ ਦੇ 200 ਸਾਲਾਂ ਦੇ ਮੁਕਾਬਲੇ ਸੂਬੇ ਨੂੰ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਹੁਣ ਪੰਜਾਬੀਆਂ ਨੇ ਸਾਡੀ ਸਰਕਾਰ ਨੂੰ ਵੱਡੇ ਫਤਵੇ ਨਾਲ ਸੱਤਾ ਸੌਂਪ ਕੇ ਬਹੁਤ ਮਾਣ ਦਿੱਤਾ ਹੈ ਅਤੇ ਅਸੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਵਚਨਬੱਧ ਹਾਂ।’’ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ, ਇੱਕ ਵਿਧਾਇਕ ਇਕ ਪੈਨਸ਼ਨ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਵਰਗੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਹਨ, ਜੋ ਪੰਜਾਬ ਨੂੰ ਸੁਰਜੀਤ ਕਰਨ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਆਗਾਮੀ ਦਿਨਾਂ ’ਚ ਕਈ ਹੋਰ ਫੈਸਲੇ ਲਏ ਜਾਣਗੇ।