ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 6 ਸਤੰਬਰ
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਰਵਾਈ ਗਈ ਮੁਜ਼ੱਫਰਨਗਰ ਕਿਸਾਨ-ਮਜ਼ਦੂਰ ਮਹਾ ਪੰਚਾਇਤ ਇੱਕ ਇਤਿਹਾਸਕ ਸਫ਼ਲਤਾ ਬਣੀ, ਜਿਸ ਨੇ ਪੂਰੇ ਦੇਸ਼ ਅਤੇ ਵਿਸ਼ਵ ਭਰ ਵਿੱਚ ਚਰਚਾ ਛੇੜੀ। ਇੱਥੋਂ ਤੱਕ ਕਿ ਭਾਜਪਾ ਆਗੂਆਂ, ਸੰਸਦ ਮੈਂਬਰ ਵਰੁਣ ਗਾਂਧੀ ਤੇ ਵਿਧਾਇਕ ਰਾਮ ਇਕਬਾਲ ਸਿੰਘ ਸਮੇਤ ਹੋਰਨਾਂ ਨੇ ਕਿਸਾਨ ਅੰਦੋਲਨ ਦੀ ਤਾਕਤ ਨੂੰ ਸਵੀਕਾਰਿਆ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਇਸ ਮਹਾ ਪੰਚਾਇਤ ਤੋਂ ਹੁਣ ਕਿਸਾਨਾਂ ਨੇ ਲੋੋਕ ਵਿਰੋਧੀ ਮੋਦੀ ਸਰਕਾਰ ਨੂੰ ਖੁੱਲ੍ਹ ਕੇ ਚੁਣੌਤੀ ਦਿੱਤੀ ਹੈ। ਮੋਰਚੇ ਦੁਆਰਾ ਸ਼ੁਰੂ ਕੀਤਾ ਗਿਆ ਮਿਸ਼ਨ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੋਵਾਂ ਰਾਜਾਂ ਦੀਆਂ ਆਗਾਮੀ ਚੋਣਾਂ ’ਚ ਭਾਜਪਾ ਨੂੰ ਕਰਾਰੀ ਹਾਰ ਦਿਵਾਏਗਾ। ਬਲਬੀਰ ਸਿੰਘ ਰਾਜੇਵਾਲ ਨੇ ਮੰਗ ਕੀਤੀ ਕਿ ‘ਸਿਰ ਭੰਨਣ’ ਦਾ ਆਦੇਸ਼ ਦੇਣ ਵਾਲੇ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਵੇ ਤੇ ਐੱਸਡੀਐੱਮ ਆਯੂਸ਼ ਸਿਨਹਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ। ਇਸ ਤੋਂ ਇਲਾਵਾ ਸ਼ਹੀਦ ਕਾਜਲ ਦੇ ਪਰਿਵਾਰ ਨੂੰ 25 ਲੱਖ ਰੁਪਏ ਅਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਕਿਸਾਨਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ 6 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ, ਜਿਸ ਮਗਰੋਂ ਹੁਣ ਭਲਕੇ ਕਿਸਾਨ ਮਿਨੀ ਸਕੱਤਰੇਤ ਦਾ ਘਿਰਾਓ ਕਰਨਗੇ।
ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਖੱਟਰ ਸਰਕਾਰ ਦੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰਨ ਤੇ ਐੱਸਡੀਐੱਮ ਦੀਆਂ ਕਾਰਵਾਈਆਂ ਦਾ ਸਮਰਥਨ ਕਰਨ ਮਗਰੋਂ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਦੀਆਂ ਆਪਣੀਆਂ ਯੋਜਨਾਵਾਂ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਖ਼ਿਲਾਫ਼ ਭਲਕੇ ਕਰਨਾਲ ਵਿੱਚ ਮਹਾ ਪੰਚਾਇਤ ਕੀਤੀ ਜਾਵੇਗੀ। ਇਸੇ ਦੌਰਾਨ ਮੋਰਚੇ ਦੀਆਂ ਛੱਤਸੀਗੜ੍ਹ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ 28 ਸਤੰਬਰ ਨੂੰ ਇੱਕ ਕਿਸਾਨ ਮਹਾ ਪੰਚਾਇਤ ਕਰਨ ਦਾ ਫ਼ੈਸਲਾ ਕੀਤਾ।