ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੇ ਦਿੱਤੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਲੀਡਰ ਦਿਨੇ ਸੁਫ਼ਨੇ ਵੇਖਣੇ ਬੰਦ ਕਰਨ ਕਿਉਂਕਿ ਉਨ੍ਹਾਂ ਦੀ ਪਾਰਟੀ ਹੁਣ ਛੇਤੀ ਸੂਬੇ ਦੀ ਸੱਤਾ ਵਿੱਚ ਆਉਣ ਵਾਲੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਬਾਰੇ ਅਕਾਲੀ ਦਲ ਦੇ ਸੁਫ਼ਨੇ ਕਦੀ ਵੀ ਸਾਕਾਰ ਨਹੀਂ ਹੋਣਗੇ। ਪੰਜਾਬ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਹੋਈਆਂ ਵਧੀਕੀਆਂ ਨੂੰ ਅਜੇ ਭੁੱਲੇ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅਜਿਹੇ ਝੂਠਾਂ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੀ ਧਮਕੀ ਨੂੰ ਬਦਲਾਖੋਰੀ ਦੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਹੀ ਮਾਨਸਿਕਤਾ ਹੈ, ਜਿਸ ਨੇ ਅਕਾਲੀ-ਭਾਜਪਾ ਦੇ ਸ਼ਾਸਨ ਦੌਰਾਨ ਹਜ਼ਾਰਾਂ ਬੇਕਸੂਰ ਪੰਜਾਬੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਸੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜੇ ਵੀ ਬਾਦਲਾਂ ਦੀ ਬਦਲਾਖੋਰੀ ਦੇ ਸਤਾਏ ਪੀੜਤਾਂ ਨੂੰ ਨਿਆਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤਕ ਧਰਮਸੋਤ ਦਾ ਸਬੰਧ ਹੈ ਤਾਂ ਇਸ ਮਾਮਲੇ ਵਿੱਚ ਗਬਨ ਦਾ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ।