ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਅਗਸਤ
ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਮਨਸੂਬੇ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਨਾਲ ਰਲ ਕੇ ਲੜਾਈ ਲੜੀ ਜਾਵੇਗੀ ਅਤੇ ਖੇਤੀ ਕਾਨੂੰਨ ਰੱਦ ਕਰਵਾਏ ਜਾਣਗੇ। ਉਨ੍ਹਾਂ ਇਥੇ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਸਟੇਡੀਅਮ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ। ਮੁੱਖ ਮੰਤਰੀ ਨੇ ਇਸ ਮੌਕੇ ਸੂਬੇ ਤੇ ਸਮਾਜ ਲਈ ਬਿਹਤਰ ਸੇਵਾਵਾਂ ਦੇਣ ਵਾਲੀਆਂ 45 ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ। ਅੰਮ੍ਰਿਤਸਰ ਰੇਲ ਹਾਦਸੇ ਦੇ 34 ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਮੌਕੇ ਉਨ੍ਹਾਂ ਪਰੇਡ ਤੋਂ ਸਲਾਮੀ ਵੀ ਲਈ। ਕੈਪਟਨ ਅਮਰਿੰਦਰ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਤੇ ਤਸਕਰੀ ਰਾਹੀਂ ਹਥਿਆਰ ਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ, ਪਰ ਉਸ ਦੇ ਨਾਪਾਕ ਇਰਾਦੇ ਕਦੇ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ ਅਤੇ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।
ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਕਿਸਾਨ ਕੌਮੀ ਰਾਜਧਾਨੀ ਦਿੱਲੀ ਵਿੱਚ ਅੱਠ ਮਹੀਨਿਆਂ ਤੋਂ ਵੱਧ ਸਮੇਂ ਪ੍ਰਦਰਸ਼ਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਇਆ ਹੈ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਬੇਅਦਬੀ ਮਾਮਲਿਆਂ ਬਾਰੇ ਕੈਪਟਨ ਨੇ ਕਿਹਾ ਕਿ ਸੀਬੀਆਈ ਤੋਂ ਕੇਸ ਵਾਪਸ ਲੈਣ ਮਗਰੋਂ ਇਸ ਸਬੰਧੀ 23 ਵਿਅਕਤੀਆਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤੇ ਗਏ ਹਨ। 15 ਪੁਲੀਸ ਕਰਮਚਾਰੀ ਮੁਅੱਤਲ ਕੀਤੇ ਹਨ ਅਤੇ ਦਸ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਹੁਣ ਤੱਕ 10 ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ । ਉਨ੍ਹਾਂ ਖੁਲਾਸਾ ਕੀਤਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਵਾਸਤੇ ਵੀ ਕੇਂਦਰ ਸਰਕਾਰ ਕੋਲ ਮੰਗ ਰੱਖੀ ਗਈ ਹੈ । ਇਸ ਮੌਕੇ ਅਨੁਸੂਚਿਤ ਜਾਤੀਆਂ ਦੀ ਭਲਾਈ ਸਮੇਤ ਵੱਖ ਵੱਖ ਪ੍ਰੋਗਰਾਮਾਂ ਦਾ ਐਲਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲਦ ਹੀ ਇੱਕ ਐਕਟ ਨੋਟੀਫਾਈ ਕੀਤਾ ਜਾਵੇਗਾ ਜਿਸ ਤਹਿਤ ਸੂਬੇ ਦੀ ਅਨੁਸੂਚਿਤ ਜਾਤੀ ਆਬਾਦੀ ਦੀ ਪ੍ਰਤੀਸ਼ਤਤਾ ਦੇ ਬਰਾਬਰ ਦਲਿਤ ਭਲਾਈ ਵਾਸਤੇ ਬਜਟ ਵਿੱਚੋਂ ਖਰਚ ਕਰਨਾ ਲਾਜ਼ਮੀ ਹੋਵੇਗਾ ਅਤੇ 85ਵੀਂ ਸੰਵਿਧਾਨਕ ਸੋਧ ਨੂੰ ਸੁਪਰੀਮ ਕੋਰਟ ਦੇ ਫ਼ੈਸਲਿਆਂ ਦੇ ਅਨੁਸਾਰ ਲਾਗੂ ਕੀਤਾ ਜਾਵੇਗਾ। ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਮੁੱਖ ਮੰਤਰੀ ਨੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਲਈ 1150 ਵਿਆਪਕ ਸੁਧਾਰਾਂ ਦਾ ਐਲਾਨ ਵੀ ਕੀਤਾ। ਕੁਝ ਮਹਿੰਗੇ ਡਾਕਟਰੀ ਇਲਾਜ ਅਤੇ ਡਾਇਲਸਿਸ, ਐਕਸਰੇ ਆਦਿ ਵਰਗੇ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਣਗੇ। ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਹੀਨਾਵਾਰ ਮਾਣ-ਭੱਤੇ ਵਿੱਚ ਕ੍ਰਮਵਾਰ 600, 500 ਅਤੇ 300 ਰੁਪਏ ਦਾ ਵਾਧਾ ਕਰਨ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਕਰਜ਼ਾ ਰਾਹਤ ਸਕੀਮ ਅਧੀਨ 2.85 ਲੱਖ ਬੇਜ਼ਮੀਨੇ ਕਿਸਾਨਾਂ ਨੂੰ 520 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਵਿਵਸਥਾ ਕਰਨ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਿਰ ਵਿੱਚ ਇੱਕ ਯਾਦਗਾਰ ਬਣਾਈ ਜਾਵੇਗੀ।