ਕੁਲਦੀਪ ਸਿੰਘ
ਚੰਡੀਗੜ੍ਹ, 24 ਜਨਵਰੀ
ਯੂ.ਟੀ. ਪਾਵਰਮੈਨ ਯੂਨੀਅਨ ਦੇ ਸੱਦੇ ਉੱਤੇ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਨਿੱਜੀਕਰਨ ਦੀ ਫ਼ਾਈਲ ਕਲੀਅਰ ਕਰ ਕੇ ਬਿਜਲੀ ਦਾ ਕੰਮ ਨਿੱਜੀ ਕੰਪਨੀ ਨੂੰ ਦੇਣ ਖਿਲਾਫ਼ ਅੱਜ ਸੈਕਟਰ 17 ਸਥਿਤ ਬਿਜਲੀ ਦਫ਼ਤਰ ਵਿਖੇ ਦੂਸਰੀ ਵਿਸ਼ਾਲ ਰੋਸ ਰੈਲੀ ਕੀਤੀ ਗਈ। ਬਾਰਿਸ਼ ਅਤੇ ਠੰਢ ਦਾ ਮੌਸਮ ਹੋਣ ਦੇ ਬਾਵਜੂਦ ਮੁਲਾਜ਼ਮਾਂ ਨੇ ਰੈਲੀ ਵਿੱਚ ਹਿੱਸਾ ਲਿਆ ਅਤੇ ਕੇਂਦਰ ਸਰਕਾਰ ਤੇ ਯੂ.ਟੀ. ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਨਿਜੀਕਰਨ ਰੱਦ ਕਰਨ ਲਈ ਮੰਗ ਪੱਤਰ ਵੀ ਭੇਜਿਆ ਗਿਆ, ਜੋ ਰੈਲੀ ਸਥਾਨ ’ਤੇ ਪਹੁੰਚੇ ਐੱਸ.ਡੀ.ਐੱਮ. (ਪੂਰਬੀ) ਨੂੰ ਸੌਂਪਿਆ ਗਿਆ। ਰੈਲੀ ਦੌਰਾਨ ਪਹਿਲੀ, ਸੱਤ, 23 ਅਤੇ 24 ਫ਼ਰਵਰੀ ਨੂੰ ਹੜਤਾਲਾਂ ਕਰਨ ਦਾ ਐਲਾਨ ਵੀ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ ਨੇ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਉਤੇ ਦੋਸ਼ ਲਗਾਏ ਕਿ ਪ੍ਰਸ਼ਾਸਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 16 ਫ਼ਰਵਰੀ 2021 ਨੂੰ ਦਿੱਤੇ ਗਏ ਫ਼ੈਸਲੇ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਅਣਦੇਖਾ ਕਰਦਿਆਂ ਪ੍ਰਸ਼ਾਸਨ ਨੇ ਫਾਇਨਾਂਸ ਬਿੱਡ ਵੀ ਖੋਲ੍ਹ ਦਿੱਤੀ ਹੈ ਅਤੇ ਕੇਂਦਰ ਸਰਕਾਰ ਨੂੰ ਹਨੇਰੇ ਵਿੱਚ ਰੱਖ ਕੇ ਉਸ ਉਤੇ ਕੈਬਨਿਟ ਦੀ ਮੁਹਰ ਵੀ ਲਗਵਾ ਲਈ ਜੋ ਕਿ ਸਿੱਧੇ ਤੌਰ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਹੈ ਕਿਉਂਕਿ ਹਾਈਕੋਰਟ ਨੇ ਹਾਲੇ ਅੰਤਿਮ ਫ਼ੈਸਲਾ ਨਹੀਂ ਸੁਣਾਇਆ ਸੀ ਅਤੇ ਅਦਾਲਤ ਵਿੱਚ ਕੇਸ ਦੀ ਅਗਲੀ ਸੁਣਵਾਈ ਦਸ ਮਾਰਚ ਨੂੰ ਹੈ।