ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਜੁਲਾਈ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ’ਚ ਗਰਮੀ ਦੇ ਬਾਵਜੂਦ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਰੋਹ ਬਰਕਰਾਰ ਹੈ ਅਤੇ ਨਿੱਤ ਦਿਨ ਕਿਸਾਨ ਵੱਡੀ ਤਾਦਾਦ ’ਚ ਰੋਸ ਧਰਨਿਆਂ ’ਚ ਸ਼ਮੂਲੀਅਤ ਕਰਕੇ ਮੋਦੀ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ। ਕਿਸਾਨਾਂ ਨੇ ਭਾਜਪਾ ਸਰਕਾਰ ਨੂੰ ਚੁਣੌਤੀ ਦਿੰਦਿਆਂ ਦਾਅਵਾ ਕੀਤਾ ਕਿ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ੀ ਮੈਦਾਨ ’ਚ ਡਟੇ ਕਿਸਾਨ ਜਿੱਤ ਦੇ ਝੰਡੇ ਬੁਲੰਦ ਕੀਤੇ ਬਗੈਰ ਵਾਪਸ ਨਹੀਂ ਪਰਤਣਗੇ ਅਤੇ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਅੱਗੇ ਝੁਕਣਾ ਪਵੇਗਾ।
ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਰੇਲਵੇ ਸਟੇਸ਼ਨ ਅੱਗੇ ਅਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਭਾਜਪਾ ਆਗੂ ਦੇ ਘਰ ਅੱਗੇ ਪੱਕੇ ਰੋਸ ਧਰਨੇ ਜਾਰੀ ਹਨ ਜਿਥੇ ਗਰਮੀ ਦੇ ਬਾਵਜੂਦ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਗੂੰਜ ਰਹੇ ਹਨ।
ਸਟੇਸ਼ਨ ਨੇੜੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦੇ ਆਗੂ ਮੱਘਰ ਸਿੰਘ ਉਭਾਵਾਲ, ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਸਿੰਘ ਪੁੰਨਾਂਵਾਲ, ਰੋਹੀ ਸਿੰਘ ਮੰਗਵਾਲ, ਸੀਤਲ ਸਿੰਘ ਕਲੌਦੀ ਅਤੇ ਡਾ. ਅਮਨਦੀਪ ਕੌਰ ਗੋਸਲ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਜਪਾ ਆਗੂ ਦੇ ਘਰ ਅੱਗੇ ਧਰਨੇ ਨੂੰ ਗੋਬਿੰਦਰ ਸਿੰਘ ਮੰਗਵਾਲ, ਲਾਭ ਸਿੰਘ ਖੁਰਾਣਾ, ਗੋਬਿੰਦਰ ਸਿੰਘ ਬਡਰੁੱਖਾਂ, ਕਰਮਜੀਤ ਮੰਗਵਾਲ, ਗੁਰਦੀਪ ਕੰਮੋਮਾਜਰਾ ਆਦਿ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦਾ ਖੇਤੀ ਕਾਨੂੰਨ ਰੱਦ ਨਾ ਕਰਨ ਦਾ ਅੜੀਅਲ ਰਵੱਈਆ ਮੋਦੀ ਸਰਕਾਰ ਨੂੰ ਭਾਰੀ ਪਵੇਗਾ ਅਤੇ ਕਾਰਪੋਰੇਟ ਘਰਾਣਿਆਂ ਦਾ ਮੋਹ ਭਾਜਪਾ ਸਰਕਾਰ ਨੂੰ ਲੈ ਡੁੱਬੇਗਾ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਸਭ ਹੱਦਾਂ ਬੰਨ੍ਹੇ ਪਾਰ ਕਰ ਚੁੱਕੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਅੱਛੇ ਦਿਨ ਦਿਖਾਉਣ ਦੇ ਵੱਡੇ ਵੱਡੇ ਦਾਅਵੇ ਕਰਨ ਲਈ ਭਾਜਪਾ ਦੇ ਰਾਜ ਵਿੱਚ ਲੋਕਾਂ ਨੂੰ ਬੇਹੱਦ ਮਾੜੇ ਦਿਨ ਨਸੀਬ ਹੋ ਚੁੱਕੇ ਹਨ। ਲੋਕ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਕਾਹਲੇ ਹਨ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਸੰਘਰਸ਼ੀ ਮੋਰਚਿਆਂ ’ਤੇ ਡਟੇ ਕਿਸਾਨ ਖਾਲੀ ਹੱਥ ਵਾਪਸ ਨਹੀਂ ਪਰਤਣਗੇ ਅਤੇ ਜਿੱਤ ਦੇ ਝੰਡੇ ਬੁਲੰਦ ਹੋਣਗੇ। ਕਿਸਾਨ ਆਗੂਆਂ ਨੇ ਹਰਿਆਣਾ ਦੇ ਸਿਰਸਾ ਵਿਖੇ ਦੇਸ਼ਧ੍ਰੋਹ ਵਰਗੇ ਸੰਗੀਨ ਦੋਸ਼ਾਂ ਤਹਿਤ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਅਤੇ ਹਰ ਵਰਗ ਦੇ ਲੋਕਾਂ ਨੂੰ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।