ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਮਈ
ਕਰੋਨਾ ਮਰੀਜ਼ਾਂ ਦੇ ਇਲਾਜ ਲਈ ਅੱਗੇ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਮੰਗਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿਹਤ ਮੰਤਰੀ ਹਰਸ਼ ਵਰਧਨ ਨੂੰ ਪੱਤਰ ਲਿਖਿਆ ਹੈ। ਇਸ ਦੌਰਾਨ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਮਰੀਜ਼ਾਂ ਦੀ ਦੇਖਭਾਲ ਲਈ ਡਾਕਟਰਾਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪ੍ਰਵਾਨਗੀ ਮਿਲਣ ਮਗਰੋਂ ਉਨ੍ਹਾਂ ਵੱਲੋਂ ਵੱਡੀ ਮਾਤਰਾ ਵਿੱਚ ਵੈਕਸੀਨ ਮੰਗਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਗੁਰੂ ਰਾਮਦਾਸ ਯੂਨੀਵਰਸਿਟੀ, ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਨਾਲ ਮੀਟਿੰਗ ਕਰ ਕੇ ਮੌਜੂਦਾ ਹਾਲਾਤ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਗੁਰੂ ਰਾਮਦਾਸ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਦਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉੱਪਲ, ਡੀਨ ਡਾ. ਏਪੀ ਸਿੰਘ ਤੇ ਡਾ. ਸ਼ੌਕੀਨ ਸਿੰਘ ਹਾਜ਼ਰ ਸਨ। ਕਮੇਟੀ ਪ੍ਰਧਾਨ ਨੇ ਦੱਸਿਆ ਕਿ ਲੁਧਿਆਣਾ ਅਤੇ ਦਮਦਮਾ ਸਾਹਿਬ ਵਿੱਚ ਕਰੋਨਾ ਕੇਅਰ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਪਟਿਆਲਾ ਅਤੇ ਭੁਲੱਥ ਵਿੱਚ ਵੀ ਜਲਦੀ ਹੀ ਕੇਂਦਰ ਸਥਾਪਤ ਕੀਤੇ ਜਾਣਗੇ।