ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਮਈ
ਆਮ ਆਦਮੀ ਪਾਰਟੀ ਨੇ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਨਿਯਮਾਂ ਨੂੰ ਛਿੱਕੇ ਟੰਗ ਕੇ ਛੁਡਾਉਣ ਅਤੇ ਸੂਬੇ ’ਚ ਹਿੰਸਾ ਭੜਕਾਉਣ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਤੇਜਿੰਦਰਪਾਲ ਬੱਗਾ ਭਾਜਪਾ ਦੀ ਫਿਰਕੂ ਹਿੰਸਾ ਭੜਕਾਉਣ ਵਾਲੀ ਫ਼ੈਕਟਰੀ ਦਾ ਇੱਕ ਹਥਿਆਰ ਹੈ। ਇਸੇ ਲਈ ਦੇਸ਼ ਵਿੱਚ ਆਪਸੀ ਭਾਈਚਾਰਾ ਖ਼ਰਾਬ ਕਰਨ ਵਾਲੇ ਵਿਅਕਤੀਆਂ ਨੂੰ ਭਾਜਪਾ ਬਚਾਉਣ ਵਿੱਚ ਲੱਗੀ ਹੋਈ ਹੈ। ਸ੍ਰੀ ਕੰਗ ਨੇ ਕਿਹਾ ਕਿ ਬੱਗਾ ਨੂੰ ਸੁਰੱਖਿਆ ਦੇਣ ਵਾਲੀ ਭਾਜਪਾ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੱਗਾ ਖਿਲਾਫ਼ ਪਹਿਲਾਂ ਤੋਂ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਭੱਦੀ ਭਾਸ਼ਾ ਵਰਤਣ, ਹਿੰਸਾ ਭੜਕਾਉਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਰਗੇ ਕਈ ਕੇਸ ਦਰਜ ਹਨ।