ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 7 ਮਈ
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿੱਚ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਤੇ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਤੀਜੀ ਸੂਬਾਈ ਕਾਨਫ਼ਰੰਸ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਦੇ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜ ਨੂੰ ਮੀਡੀਆ ਦੀ ਸੇਧ ਦੀ ਸਖ਼ਤ ਲੋੜ ਹੈ ਤੇ ਮੀਡੀਆ ਹੀ ਲੋਕਾਂ ਨੂੰ ਜਾਗਰੂਕ ਕਰ ਸਕਦਾ ਹੈ ਕਿਉਂਕਿ ਪੱਤਰਕਾਰ ਲੋਕਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰਦਾ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ 200 ਤੋਂ ਵੱਧ ਪੱਤਰਕਾਰਾਂ ਨੇ ਭਾਗ ਲਿਆ।
ਉਨ੍ਹਾਂ ਕਿਹਾ ਕਿ ਛੇਤੀ ਹੀ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰਕਾਰਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾ ਕੇ ਇਨ੍ਹਾਂ ਦਾ ਹੱਲ ਕਰਵਾਉਣਗੇ। ਪ੍ਰੋਗਰਾਮ ਦੀ ਪ੍ਰਧਾਨਗੀ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਸ੍ਰੀਨਿਵਾਸ ਰੈਡੀ ਨੇ ਕੀਤੀ ਜਦਕਿ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਮੈਂਬਰ ਤੇ ਸੀਨੀਅਰ ਪੱਤਰਕਾਰ ਐੱਸਐੱਸ ਸਿਨਹਾ, ਸੂਬਾ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਚੇਅਰਮੈਨ ਬਲਬੀਰ ਸਿੰਘ ਜੰਡੂ, ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਬੱਸੀ ਪਠਾਣਾਂ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਯੂਨੀਵਰਸਿਟੀ ਦੇ ਕੁਲਪਤੀ ਡਾ. ਜੋਰਾ ਸਿੰਘ, ਐੱਸਡੀਐੱਮ ਜੀਵਨਜੋਤ ਕੌਰ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਰਪਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਨਫ਼ਰੰਸ ਦੀ ਸ਼ੁਰੂਆਤ ਮੌਕੇ ਸ੍ਰੀ ਰੈਡੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਸਰਕਾਰ ਆਉਣ ਮਗਰੋਂ ਪੱਤਰਕਾਰਾਂ ਦੇ ਹੱਕਾਂ ਦੀ ਵਧੇਰੇ ਉਲੰਘਣਾ ਹੋਈ ਹੈ ਤੇ ਪ੍ਰੈੱਸ ਕੌਂਸਲ ਦੇ ਕੰਮ ਵਿੱਚ ਵੀ ਖੜੋਤ ਆਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਰਕਿੰਗ ਜਰਨਲਿਸਟਸ ਐਕਟ ਖ਼ਤਮ ਕਰ ਦਿੱਤਾ ਹੈ ਤੇ ਵੇਜ ਬੋਰਡ ਵੀ ਭੰਗ ਹੋ ਗਿਆ ਹੈ। ਉਨ੍ਹਾਂ ਪੱਤਰਕਾਰੀ ਦੇ ਕਸਬ ਤੇ ਇਸ ਨੂੰ ਬਚਾਉਣ ਲਈ ਯੂਨੀਅਨ ਦੀ ਹੋਂਦ ’ਤੇ ਜ਼ੋਰ ਦਿੱਤਾ। ਕੁਲਪਤੀ ਡਾ. ਜ਼ੋਰਾ ਸਿੰਘ ਤੇ ਉਪ ਕੁਲਪਤੀ ਤੇਜਿੰਦਰ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਜਦਕਿ ਪ੍ਰੋਗਰਾਮ ਦੇ ਕਨਵੀਨਰ ਅਤੇ ਸੂਬਾ ਮੀਤ ਪ੍ਰਧਾਨ ਭੂਸ਼ਨ ਸੂਦ ਨੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਸੂਬਾ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਪੱਤਰਕਾਰਾਂ ਦੀਆਂ ਪੂਰੀਆਂ ਕਰਵਾਈਆਂ ਮੰਗਾਂ ਬਾਰੇ ਜ਼ਿਕਰ ਕੀਤਾ।