ਪੱਤਰ ਪ੍ਰੇਰਕ
ਬਨੂੜ, 17 ਜੁਲਾਈ
ਇਥੋਂ ਦੇ ਬੇਰੁਜ਼ਗਾਰ ਨੌਜਵਾਨਾਂ ਨੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਪੂਰੇ ਨਾ ਕਰਨ ’ਤੇ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਤੇ ਸਰਕਾਰ ’ਤੇ ਘਰ-ਘਰ ਰੁਜ਼ਗਾਰ ਦਾ ਵਾਅਦਾ ਨਾ ਪੂਰਾ ਕਰਨ ਦਾ ਦੋਸ਼ ਲਾਇਆ। ਨੌਜਵਾਨਾਂ ਨੇ ਪੰਜਾਬ ਸਰਕਾਰ ਨੂੰ ਉਕਤ ਵਾਅਦੇ ਯਾਦ ਕਰਾਉਣ ਲਈ ਨਗਰ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ ਨੂੰ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਲਈ ਇੱਕ ਮੰਗ ਪੱਤਰ ਸੌਂਪਿਆ। ਇਸ ਮੌਕੇ ਇਕੱਤਰ ਹੋਏ ਬੇਰੁਜ਼ਗਾਰਾਂ ਬਲਕਾਰ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਜਸਪ੍ਰੀਤ ਸਿੰਘ, ਮਨਿੰਦਰ ਕੌਰ, ਅਮਨਜੋਤ ਕੌਰ, ਰਮਨਦੀਪ ਸਿੰਘ, ਸੁਰਿੰਦਰ ਸਿੰਘ ਆਦਿ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਨੌਕਰੀ ਨਾ ਮਿਲਣ ਦੀ ਸੂਰਤ ਵਿੱਚ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਜੋ ਵਫ਼ਾ ਨਹੀਂ ਹੋਇਆ। ਇਸ ਦੌਰਾਨ ਕੌਂਸਲ ਪ੍ਰਧਾਨ ਨੇ ਮੰਗ ਪੱਤਰ ਵਿਧਾਇਕ ਕੋਲ ਪਹੁੰਚਾਣ ਦਾ ਨੌਜਵਾਨਾਂ ਨੂੰ ਭਰੋਸਾ ਦਿਵਾਇਆ।