ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 9 ਜੁਲਾਈ
ਸਰਕਾਰ ਦੀਆਂ ਨੀਤੀਆਂ ਅਤੇ ਪੁਲੀਸ ਵਧੀਕੀਆਂ ਖ਼ਿਲਾਫ਼ ਲੋਕਾਂ ਦਾ ਰੋਹ ਭਖਦਾ ਜਾ ਰਿਹਾ ਹੈ। ਇਨਸਾਫ਼ ਲਈ ਥਾਣਿਆਂ ਅਤੇ ਸਿਵਲ ਪ੍ਰਸ਼ਾਸਨ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੇ ਪੀੜਤ ਪਰਿਵਾਰਾਂ ਨੇ ਸੂਬਾ ਸਰਕਾਰ ਅਤੇ ਪੁਲੀਸ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਇੱਥੋਂ ਦੇ ਪਿੰਡ ਕੁੰਭੜਾ ਵਿੱਚ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਅਤੇ ਹੋਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਲਿਆ ਗਿਆ। ਇਹ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਹੋਈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਨਸਾਫ਼ ਲਈ ਸਰਕਾਰੀ ਦਫ਼ਤਰਾਂ ਅਤੇ ਥਾਣਿਆਂ ਵਿੱਚ ਭਟਕ ਰਹੇ ਹਨ ਪਰ ਕੋਈ ਅਧਿਕਾਰੀ ਉਨ੍ਹਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ ਹੈ। ਇਸ ਕਾਰਨ ਪੀੜਤ ਪਰਿਵਾਰਾਂ ਵੱਲੋਂ 18 ਜੁਲਾਈ ਨੂੰ ਇੱਥੋਂ ਦੇ ਸੈਕਟਰ-79 ਵਿੱਚ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਨੇੜੇ ਪੰਜਾਬ ਸਰਕਾਰ ਅਤੇ ਪੁਲੀਸ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 27 ਮਈ ਨੂੰ ਪੀੜਤ ਪਰਿਵਾਰਾਂ ਵੱਲੋਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ। ਉਸ ਸਮੇਂ ਉੱਚ ਅਧਿਕਾਰੀਆਂ ਨੇ ਸਬੰਧਤ ਪੈਂਡਿੰਗ ਕੇਸਾਂ ਬਾਰੇ ਕਾਰਵਾਈ ਕਰਨ ਲਈ 10 ਦਿਨ ਦੀ ਮੋਹਲਤ ਮੰਗੀ ਸੀ ਪਰ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੀਜੀ ਮਾਲਕਾਂ ਦੀਆਂ ਮਨਮਾਨੀਆਂ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਕਾਰਵਾਈ ਕਰਨ ਤੋਂ ਪੱਲਾ ਝਾੜ ਰਿਹਾ ਹੈ। ਇਸ ਕਾਰਨ ਉਨ੍ਹਾਂ ਨੂੰ ਮੁੜ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।