ਨਵੀਂ ਦਿੱਲੀ, 20 ਨਵੰਬਰ
ਭਾਜਪਾ ਸੰਸਦ ਮੈਂਬਰ ਮੇਨਕਾ ਗਾਂਧੀ ਵੱਲੋਂ ਭ੍ਰਿਸ਼ਟਾਚਾਰ ਕੇਸ ਵਿਚ ਵਿਸ਼ੇਸ਼ ਅਦਾਲਤ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈ ਕੋਰਟ ਪਹੁੰਚ ਕਰਨ ਤੋਂ ਬਾਅਦ ਹਾਈ ਕੋਰਟ ਨੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਦੱਸਣਯੋਗ ਹੈ ਕਿ ਮੇਨਕਾ ਤੇ ਦੋ ਹੋਰਾਂ ਬਾਰੇ ਭ੍ਰਿਸ਼ਟਾਚਾਰ ਕੇਸ ਵਿਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਵਿਸ਼ੇਸ਼ ਅਦਾਲਤ ਨੇ ਖਾਰਜ ਕਰ ਦਿੱਤਾ ਸੀ ਤੇ ਹੋਰ ਜਾਂਚ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਸੰਸਦ ਮੈਂਬਰ ਨੇ ਹਾਈ ਕੋਰਟ ਪਹੁੰਚ ਕੀਤੀ ਸੀ।
ਜਸਟਿਸ ਯੋਗੇਸ਼ ਖੰਨਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਦਿਆਂ ਵਿਸ਼ੇਸ਼ ਅਦਾਲਤ ਦੇ ਹੁਕਮਾਂ ’ਤੇ ਵੀ ਰੋਕ ਲਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜਾਂਚ ਏਜੰਸੀ ਨੂੰ ਹੁਕਮ ਦਿੱਤਾ ਹੈ ਮੇਨਕਾ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦੇਣ ਵਾਲੀ ਅਥਾਰਿਟੀ ਦੇ ਸਾਹਮਣੇ ਉਹ ਰਿਪੋਰਟ ਪੇਸ਼ ਕਰੇ। ਗਾਂਧੀ ਦੀ ਅਰਜ਼ੀ ’ਤੇ ਸੀਬੀਆਈ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। -ਪੀਟੀਆਈ