ਮੁੱਖ ਅੰਸ਼
- ਰੋਹ ਵਿੱਚ ਆਏ ਲੋਕਾਂ ਨੇ ਯੂ.ਟੀ. ਪ੍ਰਸ਼ਾਸਨ ਦਾ ਪੁਤਲਾ ਫੂਕਿਆ
- ਨਿੱਜੀਕਰਨ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪੱਤਰ ਪ੍ਰੇਰਕ
ਚੰਡੀਗੜ੍ਹ, 20 ਫ਼ਰਵਰੀ
ਯੂ.ਟੀ. ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਯੂ.ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਵੱਲੋਂ ਵਿੱਢੇ ਸੰਘਰਸ਼ ਦੇ ਚਲਦਿਆਂ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਬਿਜਲੀ ਕਾਮਿਆਂ ਦਾ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ, ਉਥੇ ਹੀ ਪਿੰਡਾਂ ਵਿੱਚ ਵੀ ਲੋਕਾਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ। ਅੱਜ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਵਿੱਚ ਪਿੰਡ ਨਿਵਾਸੀਆਂ ਵੱਲੋਂ ਯੂ.ਟੀ. ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਕੁਲਦੀਪ ਸਿੰਘ, ਨਸੀਬ ਸਿੰਘ, ਧਰਮਪਾਲ ਚੱਕੀ ਵਾਲੇ, ਨਵੀਨ ਕੁਮਾਰ ਸਾਬਕਾ ਮੈਂਬਰ ਪੰਚਾਇਤ ਸੰਮਤੀ ਨਰਿੰਦਰ ਕੁਮਾਰ, ਸੰਜੀਵ ਕੁਮਾਰ ਸੰਜੂ ਸਮੇਤ ਪਿੰਡ ਦੇ ਲੋਕਾਂ ਨੇ ਸ਼ਮੂਲੀਅਤ ਕਰਕੇ ਪ੍ਰਸ਼ਾਸਨ ਅਤੇ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਿਰ ਕੀਤਾ। ਪਿੰਡ ਨਿਵਾਸੀਆਂ ਵਿੱਚੋਂ ਕੁਲਦੀਪ ਸਿੰਘ ਅਤੇ ਨਸੀਬ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਦਾ ਬਿਜਲੀ ਦਾ ਨਿੱਜੀਕਰਨ ਕਿਸੇ ਵੀ ਹਾਲਤ ਵਿੱਚ ਨਹੀਂ ਹੋਣਾ ਚਾਹੀਦਾ ਕਿਉਂਕਿ ਚੰਡੀਗੜ੍ਹ ਦਾ ਬਿਜਲੀ ਵਿਭਾਗ ਪਹਿਲਾਂ ਹੀ ਕਰੋੜਾਂ ਰੁਪਏ ਦੇ ਮੁਨਾਫ਼ੇ ਵਿੱਚ ਚੱਲ ਰਿਹਾ ਹੈ।
ਇਸ ਤਰ੍ਹਾਂ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਮਤਲਬ ਹੈ ਕਿ ਸ਼ਹਿਰ ਵਾਸੀਆਂ ਨੂੰ ਚਾਰ ਗੁਣਾਂ ਮਹਿੰਗੀ ਬਿਜਲੀ ਮਿਲੇਗੀ, ਜਿਸ ਨਾਲ ਸ਼ਹਿਰ ਦੇ ਗ਼ਰੀਬ ਲੋਕਾਂ ਦੇ ਨਾਲ-ਨਾਲ ਪਿੰਡਾਂ ਅਤੇ ਕਾਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਵੀ ਮੁਸ਼ਕਲਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਸ ਨਿੱਜੀਕਰਨ ਦੇ ਫ਼ੈਸਲੇ ਨੂੰ ਜਲਦ ਤੋਂ ਜਲਦ ਰੱਦ ਨਾ ਕੀਤਾ ਤਾਂ ਉਨ੍ਹਾਂ ਦੇ ਪਿੰਡ ਤੋਂ ਲੈ ਕੇ ਹੋਰਨਾਂ ਪਿੰਡਾਂ ਦੇ ਲੋਕ ਸੜਕਾਂ ’ਤੇ ਉਤਰ ਕੇ ਵੱਡੇ ਪ੍ਰਦਰਸ਼ਨ ਕਰਨਗੇ।